ਮਾਨਸਾ: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਮਾਨਸਾ ਜਿਲ੍ਹੇ ਦੇ ਪਿੰਡ ਜਵਾਹਰਕੇ ਵਿੱਚ ਹਥਿਆਰਬੰਦਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਸ ਦੇ ਮਾਤਾ-ਪਿਤਾ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਅੱਜ ਸਵੇਰੇ ਪਿੰਡ ਮੂਸੇ ਤੋਂ ਸਿੱਧੂ ਦੇ ਪ੍ਰਸ਼ੰਸਕਾਂ ਦੇ ਕਾਫ਼ਲੇ ਦੇ ਨਾਲ ਮਾਤਾ ਚਰਨ ਕੌਰ ਅਤੇ ਪਿਤਾ ਬਲਕਾਰ ਸਿੰਘ ਮੁਸਾ ਪਿੰਡ ਤੋਂ ਜਲੰਧਰ ਲਈ ਆਮ ਆਦਮੀ ਪਾਰਟੀ ਖ਼ਿਲਾਫ਼ ਚੋਣ ਪ੍ਰਚਾਰ ਕਰਨ ਲਈ ਰਵਾਨਾ ਹੋਏ ਹਨ। ਇਸ ਤੋਂ ਪਹਿਲਾਂ ਉਹ ਸਿੱਧੂ ਮੂਸੇਵਾਲਾ ਦੇ ਸਮਾਰਕ ਉੱਤੇ ਪਹੁੰਚੇ ਅਤੇ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਸਰਕਾਰ ਉੱਤੇ ਸਵਾਲ ਚੁੱਕੇ।
ਸਾਜ਼ਿਸ਼ਕਰਤਾ ਪੁਲਿਸ ਦੀ ਗ੍ਰਿਫਤ ਤੋਂ ਬਾਹਰ: ਉਹਨਾਂ ਨੇ ਕਿਹਾ ਕਿ ਅਜੇ ਤੱਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਸਾਜਿਸ਼ਕਰਤਾ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਇਨਸਾਫ ਨਹੀਂ ਦੇ ਰਹੀ ਹੈ ਅਤੇ ਉਹ ਇਨਸਾਫ਼ ਨੂੰ ਲੈ ਕੇ ਜਲੰਧਰ ਜਾ ਰਹੇ ਹਨ ਅਤੇ ਲੋਕਾਂ ਨੂੰ ਇਹ ਦੱਸਣਗੇ ਕਿ ਸਾਡਾ ਕੋਈ ਕਸੂਰ ਨਹੀਂ ਸੀ ਅਤੇ ਫਿਰ ਵੀ ਉਨ੍ਹਾਂ ਦੇ ਪੁੱਤਰ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਨੂੰ ਇਨਸਾਫ ਵੀ ਨਹੀਂ ਦਿੱਤਾ ਜਾ ਰਿਹਾ। ਜਲੰਧਰ ਦੇ ਲੋਕਾਂ ਨੂੰ ਕੋਲ ਆਪਣੀ ਫ਼ਰਿਆਦ ਲੈ ਕੇ ਜਾ ਰਹੇ ਹਾਂ ਅਤੇ ਜਿਸ ਖੇਤ ਵਿੱਚ ਸਿੱਧੂ ਮੂਸੇਵਾਲੇ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ ਉਸ ਜਗ੍ਹਾ ਤੋਂ ਕਾਫਲਾ ਸ਼ੁਰੂ ਕੀਤਾ ਹੈ।
'ਆਪ' ਨੂੰ ਨਾ ਪਾਈ ਜਾਵੇ ਵੋਟ: ਮੂਸੇਵਾਲਾ ਦੇ ਮਾਪਿਆਂ ਨੇ ਕਿਹਾ ਕਿ ਪੰਜਾਬ ਦੇ ਸੀਐਮ ਦਾ ਬਿਆਨ ਆਇਆ ਕਿ ਗੈਂਗਸਟਰ ਗੋਲਡੀ ਬਰਾੜ ਨੂੰ ਵਿਦੇਸ਼ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਸੀਐੱਮ ਨੇ ਗੁਜਰਾਤ ਚੋਣਾਂ ਨੂੰ ਲੈ ਕੇ ਗ੍ਰਿਫ਼ਤਾਰੀ ਦਾ ਡਰਾਮਾ ਕੀਤਾ ਸੀ। ਹੁਣ ਇਨਸਾਫ ਦਿਵਾਉਣ ਦੀ ਬਜਾਏ ਜੱਗੂ ਗੈਂਗਸਟਰ ਨੂੰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਬੇਟੇ ਦੇ ਇਨਸਾਫ ਨੂੰ ਲੈ ਕੇ ਹਰ ਜਗ੍ਹਾ ਜਾਣਗੇ ਅਤੇ ਜਲੰਧਰ ਦੇ ਲੋਕਾਂ ਨੂੰ ਅਪੀਲ ਕਰਨਗੇ ਕਿ ਆਮ ਆਦਮੀ ਪਾਰਟੀ ਨੂੰ ਛੱਡ ਕੇ ਹੋਰ ਕਿਸੇ ਵੀ ਪਾਰਟੀ ਨੂੰ ਵੋਟ ਪਾ ਦਿਓ। ਜੇਕਰ ਫਿਰ ਵੀ ਕਿਸੇ ਨੂੰ ਵੋਟ ਨਹੀਂ ਪਾਉਣੀ ਤਾਂ ਨੋਟਾ ਦਾ ਬਟਨ ਦਬਾ ਦਿਓ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਵਾਉਣ ਲਈ ਆਵਾਜ਼ ਉਠਾ ਰਹੇ ਹਨ ਅਤੇ ਕਿਸੇ ਵੀ ਪਾਰਟੀ ਦੇ ਹੱਕ ਵਿੱਚ ਵੋਟ ਨਹੀਂ ਮੰਗਣ ਜਾ ਰਹੇ ਅਤੇ ਨਾ ਹੀ ਕਿਸੇ ਪਾਰਟੀ ਦੇ ਹੱਕ ਵਿਚ ਪ੍ਰਚਾਰ ਕਰਨ ਦੇ ਲਈ ਜਾ ਰਹੇ ਹਨ। ਉਨ੍ਹਾਂ ਦੀ ਮਾਤਾ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ ਅਤੇ ਇਨ੍ਹਾਂ ਵੱਲੋਂ ਪੰਜਾਬ ਦਾ ਸਿਸਟਮ ਖਰਾਬ ਕੀਤਾ ਗਿਆ ਹੈ ਜਿਸ ਕਾਰਨ ਅੱਜ ਉਨ੍ਹਾਂ ਦਾ ਪੁੱਤਰ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ।
ਇਹ ਵੀ ਪੜ੍ਹੋ: Navjot Sidhu ਦੀ ਸੁਰੱਖਿਆ ਕਟੌਤੀ ਮਾਮਲੇ ਵਿੱਚ ਸੂਬਾ ਸਰਕਾਰ ਨੇ ਅਦਾਲਤ ਕੋਲੋਂ ਮੰਗਿਆ ਸਮਾਂ, ਅਗਲੀ ਸੁਣਵਾਈ 12 ਮਈ ਨੂੰ