ਮਾਨਸਾ: ਪੱਲੇਦਾਰ ਜਥੇਬੰਦੀ ਨੇ ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਕੇਂਦਰ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਹ ਆਪਣਾ ਕੰਮਕਾਜ ਛੱਡ ਕੇ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਲਈ ਹੋਣਗੇ ਰਵਾਨਾ।
ਇਸ ਮੌਕੇ ਗੱਲਬਾਤ ਕਰਦਿਆਂ ਪੱਲੇਦਾਰ ਯੂਨੀਅਨ ਅਤੇ ਸੀਪੀਆਈ ਜਥੇਬੰਦੀ ਦੇ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਾਨੂੰਨਾਂ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ, ਉਥੇ ਹੀ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਤੇ ਮਜ਼ਦੂਰ ਜਥੇਬੰਦੀਆਂ ਵੀ ਕਿਸਾਨਾਂ ਦੇ ਹੱਕ ਵਿੱਚ ਉਤਰ ਰਹੀਆਂ ਹਨ, ਜਿਸ ਦੇ ਚੱਲਦਿਆਂ ਲਗਾਤਾਰ ਕੇਂਦਰ ਸਰਕਾਰ ਵਿਰੁੱਧ ਰੋਸ ਵਧਦਾ ਜਾ ਰਿਹਾ।
ਇਸੇ ਤਹਿਤ ਅੱਜ ਪੱਲੇਦਾਰ ਜਥੇਬੰਦੀ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਰਪੋਰੇਟ ਘਰਾਣਿਆਂ ਅਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਜੋ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਸੜਕਾਂ ਦੇ ਉੱਪਰ ਆਪਣੇ ਪਰਿਵਾਰਾਂ ਦੇ ਸਮੇਤ ਰੁਲਣ ਲਈ ਮਜਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਇਹ ਕਾਨੂੰਨ ਮਨਜ਼ੂਰ ਨਹੀਂ ਤਾਂ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਕਿਸਾਨਾਂ ਉਪਰ ਥੋਪ ਕੇ ਕਾਰਪੋਰੇਟ ਘਰਾਣਿਆਂ ਨੂੰ ਖ਼ੁਸ਼ਹਾਲ ਬਣਾਉਣ ਲਈ ਕਰ ਰਹੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਅਗਲੇ ਕੁੱਝ ਦਿਨਾਂ ਵਿੱਚ ਪੱਲੇਦਾਰ ਵੀ ਕਿਸਾਨਾਂ ਦੇ ਹੱਕ ਵਿੱਚ ਕੰਮ-ਧੰਦਾ ਛੱਡ ਰਹੇ ਹਨ ਅਤੇ ਕਿਸਾਨਾਂ ਦੇ ਹੱਕ ਵਿੱਚ ਦਿੱਲੀ ਵੱਲ ਜਾਣਗੇ ਅਤੇ ਧਰਨੇ ਵਿੱਚ ਸ਼ਾਮਲ ਹੋਣਗੇ।