ਮਾਨਸਾ: ਸੰਯੁਕਤ ਅਕਾਲੀ ਦਲ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਮਾਨਸਾ ਦੇ ਪਿੰਡ ਕੋਟੜਾ ਕਲਾਂ ਵਿਖੇ ਹੋਈ ਜ਼ਿਲ੍ਹਾ ਪੱਧਰੀ ਵਰਕਰ ਮੀਟਿੰਗ ਨੂੰ ਸੰਬੋਧਨ ਕਰਨ ਲਈ ਪਹੁੰਚੇ। ਉਨ੍ਹਾਂ ਦੇ ਨਾਲ ਮੀਟਿੰਗ ਵਿੱਚ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਮਨਪ੍ਰੀਤ ਸਿੰਘ ਤਲਵੰਡੀ ਅਤੇ ਯੂਥ ਇਸਤਰੀ ਅਕਾਲੀ ਦਲ ਦੀ ਪੰਜਾਬ ਪ੍ਰਧਾਨ ਬੀਬੀ ਮਹਿਕਪ੍ਰੀਤ ਕੌਰ ਵਕੀਲ ਤੋਂ ਇਲਾਵਾ ਪੰਜਾਬ ਅਤੇ ਜ਼ਿਲ੍ਹਾ ਜਥੇਬੰਦੀ ਦੇ ਸਮੂਹ ਆਗੂ ਅਤੇ ਪਾਰਟੀ ਵਰਕਰ ਵੀ ਸ਼ਾਮਲ ਹੋਏ। ਜਿੰਨਾਂ ਨੂੰ ਸੰਬੋਧਨ ਕਰਦਿਆ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਸਿਆਸੀ ਹਲਾਤਾਂ ’ਤੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ਐਸ.ਜੀ.ਪੀ.ਸੀ. ਨੂੰ ਬਾਦਲ ਪਰਿਵਾਰ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਅਤੇ ਸਿੱਖ ਸੰਸਥਾਵਾਂ ਨੂੰ ਬਚਾਉਣ ਲਈ ਕੀਤੇ ਜਾਣ ਵਾਲੇ ਯਤਨਾਂ ’ਤੇ ਵਿਚਾਰ ਚਰਚਾ ਕੀਤੀ।
ਪਿੰਡ ਕੋਟੜਾ ਕਲਾਂ ਪਹੁੰਚੇ ਸੰਯੁਕਤ ਅਕਾਲੀ ਦਲ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਇੱਥੇ ਪਹੁੰਚੀ ਹੈ, ਜਿਸ ਵਿੱਚ ਪੰਜਾਬ ਦੇ ਮੌਜੂਦਾ ਸਿਆਸੀ ਹਲਾਤਾਂ ’ਤੇ ਵਿਚਾਰ ਚਰਚਾ ਕਰਨ ਦੇ ਨਾਲ-ਨਾਲ ਐਸ.ਜੀ.ਪੀ.ਸੀ. ਨੂੰ ਬਾਦਲ ਪਰਿਵਾਰ ਦੇ ਕਬਜ਼ੇ ਤੋਂ ਮੁਕਤ ਕਰਵਾਉਣ ਅਤੇ ਸਿੱਖ ਸੰਸਥਾਵਾਂ ਨੂੰ ਬਚਾਉਣ ਲਈ ਕੀ ਯਤਨ ਕਰਨੇ ਚਾਹੀਦੇ ਹਨ, ਇਨ੍ਹਾਂ ਸਭ ਗੱਲਾਂ ’ਤੇ ਵਿਚਾਰ ਚਰਚਾ ਕਰਨ ਲਈ ਇੱਕਤਰਤਾ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਦੀ ਦੂਸਰੀ ਮੀਟਿੰਗ ਰੱਖੀ ਗਈ ਹੈ, ਕਿਉਂਕਿ ਪਹਿਲੀ ਮੀਟਿੰਗ ਸੰਗਰੂਰ ਜ਼ਿਲ੍ਹੇ ਦੀ ਕੀਤੀ ਗਈ ਸੀ ਅਤੇ ਅਗਲੀ ਮੀਟਿੰਗ ਮਲੇਰਕੋਟਲਾ ਜ਼ਿਲ੍ਹੇ ਦੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਦੀ ਰਾਏ ਲੈਣ ਤੋਂ ਬਾਅਦ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਦੂਸਰੀ ਵਾਰ ਠੱਗੀ ਹੋਈ ਹੈ ਕਿਉਂਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਸਨ ਅਤੇ ਹੁਣ ਮੌਜੂਦਾ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ, ਉਹ ਅੱਜ ਸਿਰਫ ਵਾਅਦੇ ਬਣਕੇ ਰਹਿ ਗਏ ਹਨ।
ਢੀਂਡਸਾ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਸਿਰਫ ਐਲਾਨ ਕੀਤੇ ਜਾ ਰਹੇ ਹਨ ਤੇ ਕਿਸੇ ਵੀ ਵਾਅਦੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਲਗਾਤਾਰ ਐਲਾਨ ਕਰਨ ਦੀ ਬਜਾਏ ਇੰਨਾਂ ਨੂੰ ਘੱਟ ਕਰਕੇ ਕੀਤੇ ਐਲਾਨ ਪੂਰੇ ਕਰੇ ਨਹੀਂ ਤਾਂ ਜਨਤਾ ਦੇ ਵਿਚਕਾਰ ਜਾ ਕੇ ਵਾਅਦੇ ਪੂਰੇ ਨਾ ਕਰਨ ਲਈ ਲੋਕਾਂ ਤੋਂ ਮਾਫੀ ਮੰਗੇ। ਆਪ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਵੱਲੋਂ ਬੇ-ਅਦਬੀ ਮਾਮਲੇ ਦੇ ਸਬੰਧ ਵਿੱਚ ਮੁੱਖਮੰਤਰੀ ਨੂੰ ਲਿਖੇ ਪੱਤਰ ਬਾਰੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪਿਛਲੇ 7-8 ਸਾਲਾਂ ਤੋਂ ਕਿਸੇ ਵੀ ਸਰਕਾਰ ਨੇ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਦੀ ਸਰਕਾਰ ਸਮੇ ਬਾਦਲ ਸਾਹਿਬ ਨੇ ਦੋਸ਼ੀਆਂ ਨੂੰ ਸਜਾ ਦੇਣ ਦੀ ਗੱਲ ਕਹਿ ਸੀ ਅਤੇ ਪਿਛਲੀ ਸਰਕਾਰ ਨੇ ਵੀ 5 ਸਾਲ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਵੀ ਬੇਅਦਬੀ ਮਾਮਲੇ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਕੋ ਮੰਗ ਹੈ ਕਿ ਇਸ ਮਾਮਲੇ ਵਿੱਚ ਦੋਸ਼ੀ ਸਾਰੇ ਹੀ ਲੋਕਾਂ ਨੂੰ ਸਜਾ ਮਿਲਣੀ ਚਾਹੀਦੀ ਹੈ।
ਇਹ ਵੀ ਪੜ੍ਹੋ: SGPC ਪ੍ਰਧਾਨ ਵੱਲੋਂ ਪਿੰਡ ਧਰਮਕੋਟ ’ਚ ਵਾਪਰੀ ਬੇਅਦਬੀ ਘਟਨਾ ਦੀ ਸਰਕਾਰ ਤੋਂ ਉੱਚ ਪੱਧਰੀ ਜਾਂਚ ਦੀ ਮੰਗ