ਮਾਨਸਾ: ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਆਪਣੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਮਾਨਸਾ ਪਹੁੰਚੇ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ। ਇਹ ਕਾਨੂੰਨ ਲਿਆ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਸੈਕਟਰ ਵਿੱਚੋਂ ਬਾਹਰ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਇਆ ਹੈ।
ਉਨ੍ਹਾਂ ਕਿਹਾ ਇਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਵਿੱਚੋਂ ਸੰਘਰਸ਼ ਸ਼ੁਰੂ ਹੋ ਕੇ ਪੂਰੇ ਦੇਸ਼ ਵਿੱਚ ਫੈਲ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਕਿਸਾਨੀ ਸੰਘਰਸ਼ ਦੇ ਦਬਾਅ ਕਾਰਨ ਹੀ ਕੈਪਟਨ ਸਰਕਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਬੁਲਾ ਕੇ ਇਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਮਤਾ ਪਾਉਣਾ ਪਿਆ। ਇਨ੍ਹਾਂ ਖੇਤੀ ਵਿਰੋਧੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਜਥੇਬੰਦੀਆਂ ਵਧੀਆਂ ਤਰੀਕੇ ਨਾਲ ਸੰਘਰਸ਼ ਕਰ ਰਹੀਆਂ ਹਨ ਅਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੂੰ ਆਪਣੇ ਪਾਰਟੀ ਹਿੱਤਾਂ ਉੱਤੋਂ ਉੱਠ ਕੇ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਹੀ ਅਸੀਂ ਆਪਣੇ ਦੇਸ਼ ਦੀ ਕਿਸਾਨੀ ਨੂੰ ਬਚਾ ਸਕਾਂਗੇ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਦੇਸ਼ ਭਰ ਵਿੱਚ ਭਾਜਪਾ ਨੂੰ ਇੱਕ ਵੱਡਾ ਅੰਦੋਲਨ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਆਪਣੇ ਵਰਕਰਾਂ ਨੂੰ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਜ਼ਦੂਰ, ਕਿਸਾਨ ਤੇ ਵਿਦਿਆਰਥੀਆਂ ਵਿਰੋਧੀ ਨੀਤੀ ਦੇ ਟਾਕਰੇ ਲਈ ਲੋਕਾਂ ਨੂੰ ਲਾਮਬੰਦ ਕਰੋ।