ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦਾ ਜਿੱਥੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਥੇ ਹੀ ਕਿਸਾਨਾਂ ਵੱਲੋਂ ਰਾਜਨੀਤਿਕ ਪਾਰਟੀਆਂ ਦਾ ਲਗਾਤਾਰ ਵਿਰੋਧ ਕਰਦੇ ਹੋਏ ਪਿੰਡਾਂ ਦੇ ਵਿੱਚ ਲੀਡਰਾਂ ਦੇ ਆਉਣ ਉੱਤੇ ਲਗਾਈ ਗਈ ਹੈ।
ਇਸ ਦੇ ਚੱਲਦਿਆਂ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਗੁੜੱਦੀ ਵਿਖੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਫੌਤ ਹੋਏ ਕਿਸਾਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਆਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਵੱਲੋਂ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ਦਾ ਦੌਰਾ ਰੱਦ ਕੀਤਾ ਗਿਆ।
ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਪਿੰਡ ਕਿਸਾਨਾਂ ਨੇ ਕਿਹਾ ਕਿ ਪਿੰਡ ਦੇ ਵਿੱਚ ਕਿਸੇ ਵੀ ਰਾਜਨੀਤਕ ਪਾਰਟੀ ਦੇ ਨੁਮਾਇੰਦੇ ਨੂੰ ਆਉਣ ਨਹੀਂ ਦਿੱਤਾ ਜਾਵੇਗਾ ਕਿਉਂਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਦੇ ਸਿਰ ਲਗਾਤਾਰ ਕਰਜ਼ਾ ਵੱਧਦਾ ਜਾ ਰਿਹਾ ਅਤੇ ਕਿਸਾਨ ਸਰਕਾਰਾਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਕਿਸਾਨ ਜਥੇਬੰਦੀਆਂ ਅਤੇ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਦੇ ਲੀਡਰ ਕਿਸਾਨਾਂ ਨੂੰ ਸਿਰਫ਼ ਗੁੰਮਰਾਹ ਕਰਕੇ ਵੋਟਾਂ ਬਟੋਰਨ ਤੱਕ ਸੀਮਿਤ ਰਹਿੰਦੇ ਹਨ।