ਮਾਨਸਾ: ਜ਼ਿਲ੍ਹੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ (ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ) ਲਈ 20 ਫਰਵਰੀ ਨੂੰ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ ਹੋ ਗਈਆਂ ਹਨ। ਤਿੰਨੋਂ ਵਿਧਾਨ ਸਭਾ ਸੀਟਾਂ ਲਈ 35 ਉਮੀਦਵਾਰ ਮੈਦਾਨ ਵਿੱਚ ਹਨ, ਜਦਕਿ 5 ਲੱਖ 95 ਹਜ਼ਾਰ 188 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸ ਲਈ 646 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਸੰਵੇਦਨਸ਼ੀਲ ਐਲਾਨੇ ਬੂਥਾਂ ਅਤੇ ਆਮ ਸੁਰੱਖਿਆ ਲਈ 2946 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
![ਮਾਨਸਾ ’ਚ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਦਾ ਦਾਅਵਾ](https://etvbharatimages.akamaized.net/etvbharat/prod-images/14514652_1020_14514652_1645282647310.png)
ਭਲਕੇ ਮਾਨਸਾ ਜ਼ਿਲ੍ਹੇ ਦੀਆਂ ਤਿੰਨੋਂ ਸੀਟਾਂ (ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ) 'ਤੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਸਬੰਧ 'ਚ ਮਾਨਸਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਹਿੰਦਰ ਪਾਲ ਨੇ ਦੱਸਿਆ ਕਿ ਮਾਨਸਾ ਵਿਖੇ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਜ਼ਿਲ੍ਹੇ ਵਿੱਚ ਚੋਣਾਂ ਲਈ ਅਸੀਂ ਚੰਗੇ ਪ੍ਰਬੰਧ ਕੀਤੇ ਹਨ ਤਾਂ ਜੋ ਕਿਸੇ ਨੂੰ ਕੋਈ ਸਮੱਸਿਆ ਨਾ ਆਵੇ।
![ਮਾਨਸਾ ’ਚ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਦਾ ਦਾਅਵਾ](https://etvbharatimages.akamaized.net/etvbharat/prod-images/14514652_mnspoling4_aspera.jpg)
ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ 5 ਲੱਖ 95 ਹਜ਼ਾਰ 188 ਵੋਟਰ ਹਨ ਅਤੇ ਇਸ ਲਈ ਅਸੀਂ 646 ਬੂਥ ਬਣਾਏ ਹਨ। ਉਨ੍ਹਾਂ ਕਿਹਾ ਕਿ ਪੋਲਿੰਗ ਸਟੇਸ਼ਨਾਂ 'ਤੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਕਿਸੇ ਵੀ ਵੋਟਰ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ, ਜਦਕਿ ਜ਼ਿਲ੍ਹੇ ਦੇ 80 ਸਾਲ ਤੋਂ ਵੱਧ ਉਮਰ ਦੇ ਜਾਂ ਵੱਖ-ਵੱਖ ਯੋਗਤਾ ਵਾਲੇ ਵੋਟਰਾਂ ਲਈ ਵਲੰਟੀਅਰ ਦੀ ਸਹੂਲਤ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੂਰੇ ਉਤਸ਼ਾਹ ਨਾਲ ਵੋਟਾਂ ਪਾਉਣ ਤਾਂ ਜੋ ਲੋਕਤੰਤਰ ਨੂੰ ਸਫ਼ਲ ਬਣਾਇਆ ਜਾ ਸਕੇ।
![ਮਾਨਸਾ ’ਚ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਦਾ ਦਾਅਵਾ](https://etvbharatimages.akamaized.net/etvbharat/prod-images/14514652_mnspoling12_aspera.jpg)
ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ ਹੋਈਆਂ, ਜੋ ਕਿ ਪੋਲਿੰਗ ਲਈ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਹਨ। ਪੋਲਿੰਗ ਸਟਾਫ਼ ਵਿੱਚ ਸ਼ਾਮਲ ਦਰਸ਼ਨ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਨੂੰ ਪੋਲਿੰਗ ਲਈ ਲੋੜੀਂਦਾ ਸਾਮਾਨ, ਬੈਲਟ ਪੇਪਰ, ਕੰਟਰੋਲ ਯੂਨਿਟ, ਵੀ.ਵੀ.ਪੈਟ ਸਮੇਤ ਚੰਗੀ ਤਰ੍ਹਾਂ ਪੈਕ ਕੀਤਾ ਗਿਆ ਹੈ। ਕੋਰੋਨਾ ਤੋਂ ਬਚਾਅ ਲਈ ਮਸ਼ੀਨਾਂ ਅਤੇ ਉਪਕਰਨ ਵੀ ਮੁਹੱਈਆ ਕਰਵਾਏ ਗਏ ਹਨ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਾਨਸਾ ਦੀਆਂ ਤਿੰਨੇ ਵਿਧਾਨ ਸਭਾਵਾਂ ਦੇ 646 ਪੋਲਿੰਗ ਬੂਥਾਂ ਲਈ 3148 ਪੋਲਿੰਗ ਸਟਾਫ਼ ਨਿਯੁਕਤ ਕੀਤਾ ਗਿਆ ਹੈ, ਜਦਕਿ 39 ਥਾਵਾਂ 'ਤੇ 93 ਪੋਲਿੰਗ ਬੂਥ ਸੰਵੇਦਨਸ਼ੀਲ ਐਲਾਨੇ ਗਏ ਹਨ, ਜਿੰਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਅਤੇ ਸੀਏਪੀਐਫ ਦੇ 2946 ਜਵਾਨ ਤਾਇਨਾਤ ਕੀਤੇ ਗਏ ਹਨ।
ਇਹ ਵੀ ਪੜ੍ਹੋ: ‘ਆਪ’ ਤੇ ਹੋਰ ਨੂੰ ਨਹੀਂ ਮਿਲੇ ਗਰੀਬ ਉਮੀਦਵਾਰ, ਮਾਨ ਨੇ ਫੜੀ ਬਾਂਹ