ਮਾਨਸਾ : ਸੰਵਿਧਾਨ ਬਚਾਓ ਮੰਚ ਪੰਜਾਬ ਵੱਲੋਂ ਕੇਂਦਰ ਸਰਕਾਰ ਦੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿੱਚ ਚੱਲ ਰਿਹਾ ਧਰਨਾ 7ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਧਰਨੇ ਮੌਕੇ ਜਿੱਥੇ ਰੋਜ਼ਾਨਾ ਹੀ ਸੰਘਰਸ਼ ਸ਼ੀਲ ਜਥੇਬੰਦੀਆਂ ਦੇ ਆਗੂ ਇਸ ਧਰਨੇ ਵਿੱਚ ਸ਼ਮੂਲੀਅਤ ਕਰਦੇ ਹਨ। ਉੱਥੇ ਹੀ ਕਈ ਸਿਆਸੀ ਪਾਰਟੀਆਂ ਦੇ ਆਗੂ ਵੀ ਇਸ ਧਰਨੇ ਵਿੱਚ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰ ਰਹੇ ਹਨ। ਮਾਨਸਾ ਦੀ ਜ਼ਿਲ੍ਹਾ ਕਚਹਿਰੀ ਵਿੱਚ ਚੱਲ ਰਹੇ ਇਸ ਧਰਨੇ ਵਿੱਚ ਹਿੰਦੂ, ਮੁਸਲਿਮ, ਸਿੱਖ, ਇਸਾਈ ਭਾਈਚਾਰੇ ਦੇ ਲੋਕ ਵੀ ਆਪਸੀ ਏਕੇ ਦੀ ਮਿਸਾਲ ਪੈਦਾ ਕਰ ਰਹੇ ਹਨ।
ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਧਰਨਾ ਦੇਣ ਵਾਲੇ ਖੱਬੇ ਪੱਖੀ ਆਗੂ ਕਾਮਰੇਡ ਸੁਖਦਰਸ਼ਨ ਨੱਤ ਤੇ ਕਾਮਰੇਡ ਕ੍ਰਿਸ਼ਨ ਚੌਹਾਨ ਨੇ ਕਿਹਾ ਕਿ ਉਨ੍ਹਾਂ ਦਾ ਧਰਨਾ ਕੇਂਦਰ ਸਰਕਾਰ ਦੇ ਵਿਰੋਧ ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਕਰਵਾਉਣ ਲਈ ਚੱਲ ਰਿਹਾ ਹੈ। ਇਹ ਧਰਨਾ 7ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਇਹ ਵੀ ਪੜ੍ਹੋ : ਮਾਨਸਾ 'ਚ ਸਕੂਲੀ ਬੱਸਾਂ ਦੀ ਚੈਕਿੰਗ ਨੂੰ ਲੈ ਕੇ ਪੁਲਿਸ ਮੁਸਤੈਦ
ਉਨ੍ਹਾਂ ਕਿਹਾ ਕਿ ਸੰਵਿਧਾਨ ਬਚਾਓ ਮੰਚ ਦੇ ਆਗੂਆਂ ਨੇ ਇੱਕ ਮੀਟਿੰਗ ਕਰਕੇ ਪਿੰਡ ਪੱਧਰ ਉੱਤੇ ਇਸ ਕਾਨੂੰਨ ਦੇ ਵਿਰੋਧ ਵਿੱਚ ਲੋਕਾਂ ਨੂੰ ਜਾਗਰੁਕ ਕਰਨ ਦੇ ਲਈ ਇੱਕ ਮੁਹਿੰਮ ਚਲਾਈ ਹੈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਚੱਲ ਰਹੇ ਐਨਆਰਸੀ ਦੇ ਵਿਰੁੱਧ ਧਰਨਿਆਂ ਵਿੱਚ ਸ਼ਮੂਲੀਅਤ ਕਰਕੇ ਉਨ੍ਹਾਂ ਨੂੰ ਇੱਕ ਮੰਚ ਉੱਤੇ ਇਕੱਠਾ ਕਰਨਗੇ ਤੇ ਪੰਜਾਬ ਵਿੱਚ ਐਨਆਰਸੀ ਦੇ ਵਿਰੁੱਧ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।