ਮਾਨਸਾ: ਆਪਣੀਆਂ ਮੰਗਾਂ ਨੂੰ ਲੈ ਕੇ ਮਿਨੀਸਟ੍ਰੀਅਲ ਕਰਮਚਾਰੀ ਪਿਛਲੇ 10 ਦਿਨਾਂ ਤੋਂ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸੇ ਦੇ ਚੱਲਦੇ ਜ਼ਿਲ੍ਹੇ ’ਚ ਮਿਨੀਸਟ੍ਰੀਅਲ ਕਰਮਚਾਰੀਆਂ ਨੇ ਸਰਕਾਰੀ ਦਫਤਰਾਂ ਦੇ ਬਾਹਰ ਬੈਠ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਪਿਛਲੇ 10 ਦਿਨਾਂ ਤੋਂ ਕਰ ਰਹੇ ਹਾਂ ਸੰਘਰਸ਼
ਇਸ ਦੌਰਾਨ ਮਿਨੀਸਟ੍ਰੀਅਲ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਸ ਸਿੰਘ ਅਤੇ ਮਨੋਜ ਕੁਮਾਰ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਉਹ ਪਿਛਲੇ 10 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਜਾਇਜ ਮੰਗਾਂ ਹਨ ਜਿਨ੍ਹਾਂ ’ਚ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾਣ ਅਤੇ ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਆਦਿ ਮੰਗਾਂ ਹਨ। ਦਸ ਦਿਨਾਂ ਤੋਂ ਉਹ ਪੰਜਾਬ ਭਰ ਦੇ ਵਿੱਚ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ, ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਮੁਲਾਜ਼ਮਾਂ ਦੀ ਹਮਾਇਤ ਕਰੇਗਾ ਕਿਸਾਨ ਯੂਨੀਅਨ
ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੁਰਜੰਟ ਸਿੰਘ ਨੇ ਕਿਹਾ ਕਿ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਮੰਗਾਂ ਨਹੀਂ ਮੰਨ ਰਹੀ ਜਿਸ ਕਾਰਨ ਉਹ ਦੱਸ ਦਿਨਾਂ ਤੋਂ ਹੜਤਾਲ ਕਰ ਕੇ ਪ੍ਰਦਰਸ਼ਨ ਕਰ ਰਹੇ। ਪ੍ਰਦਰਸ਼ਨ ਕਾਰਨ ਆਮ ਲੋਕਾਂ ਨੂੰ ਵੀ ਆਪਣੇ ਕੰਮ ਕਰਵਾਉਣ ਦੇ ਲਈ ਖੱਜਲ ਖੁਆਰ ਹੋਣਾ ਪੈ ਰਿਹਾ ਹੈ। ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਜਲਦ ਹੀ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਮੰਨੇ ਤਾਂ ਕਿ ਲੋਕਾਂ ਦੀ ਖੱਜਲ ਖੁਆਰੀ ਵੀ ਦੂਰ ਹੋਵੇ, ਜੇਕਰ ਸਰਕਾਰ ਨੇ ਜਲਦ ਹੀ ਇਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਿਸਾਨ ਯੂਨੀਅਨ ਵੀ ਇਨ੍ਹਾਂ ਮੁਲਾਜ਼ਮਾਂ ਦੀ ਹਮਾਇਤ ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰੇਗੀ।
ਇਹ ਵੀ ਪੜੋ: Navjot Sidhu ਹੋਏ ਲਾਪਤਾ: ਲੱਭਣ ਵਾਲੇ ਨੂੰ ਪੰਜਾਹ ਹਜ਼ਾਰ ਇਨਾਮ !