ਮਾਨਸਾ: ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਕਚਹਿਰੀ ਦੇ ਬਾਹਰ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਪੱਲੇਦਾਰਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਵੱਲ ਪੰਜਾਬ ਸਰਕਾਰ ਵੱਲੋਂ ਜਲਦ ਹੀ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਉਹ ਫੂਡ ਪ੍ਰੋਸੈਸਿੰਗ ਮੰਤਰੀ ਦਾ ਘਿਰਾਓ ਕਰਨਗੇ ਤੇ ਜੇ ਲੋੜ ਪਈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਵੀ ਘਿਰਾਓ ਕੀਤਾ ਜਾਵੇਗਾ।
ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਸਾਬਕਾ ਸੂਬਾ ਪ੍ਰਧਾਨ ਸੁਖਦੇਵ ਸਿੰਘ ਫਰਮਾਹੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਕੌਫੀ ਵਿਦ ਕੈਪਟਨ' ਵਿੱਚ ਉਨ੍ਹਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਤਿੰਨ ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ ਅਜੇ ਤੱਕ ਕੈਪਟਨ ਸਰਕਾਰ ਨੇ ਪੱਲੇਦਾਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਹਨ। ਇਸ ਕਾਰਨ ਮਜਬੂਰੀ ਵੱਸ ਅੱਜ ਪੱਲੇਦਾਰਾਂ ਨੂੰ ਪੰਜਾਬ ਸਰਕਾਰ ਦੇ ਖਿਲਾਫ ਧਰਨਾ ਲਾਉਣਾ ਪਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੱਲੇਦਾਰਾਂ ਦੇ ਰੇਟਾਂ ਵਿੱਚ ਬਹੁਤ ਜ਼ਿਆਦਾ ਕਟੌਤੀ ਕਰ ਦਿੱਤੀ ਗਈ ਹੈ ਜਦੋਂ ਕਿ ਅਕਾਲੀ ਸਰਕਾਰ ਦੇ ਸਮੇਂ ਕੋਈ ਵੀ ਕਟੌਤੀ ਨਹੀਂ ਕੀਤੀ ਗਈ ਸੀ ਅਤੇ ਪੱਲੇਦਾਰਾਂ ਨੂੰ ਜਾਇਜ਼ ਰੇਟ ਮਿਲਦੇ ਸਨ। ਪਰ ਕੈਪਟਨ ਸਰਕਾਰ ਨੇ ਆਉਂਦਿਆਂ ਹੀ ਪੱਲੇਦਾਰਾਂ ਤੇ ਆਪਣਾ ਪੰਜਾ ਚਲਾਇਆ ਹੈ ਜਿਸ ਦੇ ਚੱਲਦਿਆਂ ਅੱਜ ਪੱਲੇਦਾਰ ਵਰਗ ਮੰਦੀ ਦੀ ਹਾਲਤ 'ਚੋਂ ਗੁਜ਼ਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਕੀਤੇ ਵਾਅਦੇ ਪੱਲੇਦਾਰਾਂ ਨਾਲ ਪੂਰੇ ਨਾ ਕੀਤੇ ਤਾਂ ਉਹ ਆਉਣ ਵਾਲੇ ਦਿਨਾਂ 'ਚ ਪਹਿਲਾਂ ਫੂਡ ਪ੍ਰੋਸੈਸਿੰਗ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਘਿਰਾਓ ਕਰਨਗੇ ਅਤੇ ਜੇ ਜ਼ਰੂਰਤ ਪਈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਵੀ ਘਿਰਾਓ ਕੀਤਾ ਜਾਵੇਗਾ।
ਡਿਪੂ ਪ੍ਰਧਾਨ ਕਰਮ ਸਿੰਘ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਸਮੇਂ ਪੱਲੇਦਾਰਾਂ ਨੂੰ ਚੰਗੇ ਰੇਟ ਮਿਲਦੇ ਸਨ ਪਰ ਕੈਪਟਨ ਸਰਕਾਰ ਨੇ ਆਉਂਦਿਆਂ ਹੀ ਪੱਲੇਦਾਰਾਂ ਦਾ ਕਚੂੰਮਰ ਕੱਢ ਦਿੱਤਾ ਹੈ। ਇਸ ਦੇ ਚੱਲਦਿਆਂ ਅੱਜ ਪੱਲੇਦਾਰ ਵਰਗ ਮੰਦੀ ਦੀ ਹਾਲਤ 'ਚੋਂ ਗੁਜ਼ਰ ਰਿਹਾ ਹੈ ਅਤੇ ਮਜਬੂਰੀ ਵੱਸ ਉਨ੍ਹਾਂ ਨੂੰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।