ਸੰਗਰੂਰ: ਭਾਰਤੀ ਕਮਿਊਨਿਸਟ ਪਾਰਟੀ ਅਤੇ ਟਰੇਡ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਵੱਧ ਰਹੀ ਮਹਿੰਗਾਈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵਿਸ਼ਾਲ ਰੈਲੀ ਕੱਢੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਸੁਖਦੇਵ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਰੋਨਾ ਕਾਲ ਦੌਰਾਨ ਲਗਭਗ 12 ਵਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ।
ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ ਤੇ ਕੱਚੇ ਤੇਲ ਦੇ ਰੇਟ ਘੱਟਣ ਦੇ ਬਾਵਜੂਦ ਵਾਰ ਵਾਰ ਰੇਟ ਵਧਾ ਕੇ ਪੈਟਰੋਲ ਅਤੇ ਡੀਜ਼ਲ ਰੇਟ ਇੱਕ ਸੋ ਰੁਪਏ ਦੇ ਕਰੀਬ ਹੋ ਗਿਆ। ਇਸ ਮੌਕੇ ਸ਼ਰਮਾ ਨੇ ਦੱਸਿਆ ਕਿ ਜਦੋਂ ਕਿ ਅਸਲੀ ਕੀਮਤ 35 ਰੁਪਏ ਲੀਟਰ ਦੀ ਬਜਾਏ 92 ਰੁਪਏ ਲੀਟਰ ਵੇਚੀਆ ਜਾ ਰਿਹਾ ਹੈ। ਰਸੋਈ ਗੈਸ ਦੀਆਂ ਕੀਮਤਾਂ ਚਾਰ ਮਹੀਨਿਆਂ ਵਿਚ ਹੀ 594 ਰੁਪਏ ਤੋਂ ਵਧਾ ਕੇ 869 ਰੁਪਏ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਆਰ ਐਸ ਐਸ ਦੀਆਂ ਨੀਤੀਆਂ ਤੇ ਚਲਦੀ ਆ ਰਹੀ ਹੈ। ਉਨ੍ਹਾਂ ਕਿਹਾ ਮੱਧ ਵਰਗ ਅਤੇ ਗ਼ਰੀਬ ਲੋਕਾਂ ਨੂੰ ਭੁੱਖੇ ਮਾਰਨ ਲਈ ਮਜ਼ਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਵੱਲੋਂ ਜ਼ਮੂਹਰੀਅਤ ਦਾ ਘਾਣ ਕੀਤਾ ਜਾ ਰਿਹਾ ਹੈ, ਖੇਤੀ ਵਿਰੋਧੀ ਕਾਨੂੰਨ ਬਣਾਕੇ ਦੇਸ਼ ਦੀ ਕਿਸਾਨੀ ਨੂੰ ਕਾਰਪੋਰੇਟ ਘਰਾਣਿਆਂ ਨੂੰ ਕਾਬਜ਼ ਕਰਵਾਉਣ ਲਈ ਤਰਲੋ ਮੱਛੀ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦਾ ਗ਼ੁਲਾਮ ਬਣਾਉਣ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧੀਆ ਕੀਮਤਾਂ ਵਿਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ।