ਮਾਨਸਾ : ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਦੇ ਕਰਮਚਾਰੀਆਂ ਨੇ ਦੂਜੇ ਦਿਨ ਸਿਵਲ ਸਰਜਨ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਜਾਰੀ ਹੈ। ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਵੱਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਜਾਰੀ ਹੈ।
ਪ੍ਰਦਰਸ਼ਨਕਾਰੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਸੂਬਾ ਸਰਕਾਰ ਕੋਲੋਂ ਜਲਦ ਉਨ੍ਹਾਂ ਦੀਆਂ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ।
ਪ੍ਰਦਰਸ਼ਨਕਾਰੀ ਆਗੂਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਮੰਗਾਂ ਨਾਂ ਮੰਨੇ ਜਾਣ ਕਾਰਨ ਉਨ੍ਹਾਂ ਨੂੰ ਸਰਕਾਰ ਖਿਲਾਫ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਈ ਵਾਅਦੇ ਕੀਤੇ ਸਨ , ਜਿਸ ਵਿੱਚ ਕਰਮਚਾਰੀਆਂ ਦੀਆਂ ਤਨਖਾਹ, ਡੀਏ ਤੇ ਪੁਰਾਣੀ ਪੈਨਸ਼ਨ ਮੁੜ ਲਾਗੂ ਕਰਨ ਦੇ ਵਾਅਦੇ ਕੀਤੇ ਗਏ ਸੀ। ਸੱਤਾ ਵਿੱਚ ਆਉਣ ਮਗਰੋਂ ਪੰਜਾਬ ਸਰਕਾਰ ਵੱਲੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਡੀਏ ਦੀ 1,00,000 ਕਰੋੜ ਰੁਪਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਨਹੀਂ ਕੀਤੀਆਂ ਗਈਆਂ। 4 ਸਾਲ ਬੀਤ ਜਾਣ ਮਗਰੋਂ ਵੀ ਸਰਕਾਰ ਨੇ ਕੋਈ ਵਾਅਦਾ ਪੂਰਾ ਨਹੀਂ ਕੀਤਾ। ਇਸ ਲਈ ਉਹ ਮਜਬੂਰ ਹੋ ਕੇ ਸੂਬਾ ਕਮੇਟੀ ਦੇ ਫੈਸਲੇ ਮੁਤਾਬਕ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।