ਮਾਨਸਾ: ਸ਼ਹਿਰ ਵਿੱਚ ਬੀਤੀ ਰਾਤ ਪਏ ਮੀਂਹ ਕਾਰਨ ਪੱਕ ਰਹੀ ਨਰਮੇ ਦੀ ਫ਼ਸਲ ਤੇ ਝੋਨੇ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਇਸ ਕਰਕੇ ਕਿਸਾਨਾਂ ਕਾਫ਼ੀ ਪਰੇਸ਼ਾਨ ਨਜ਼ਰ ਆ ਰਹੇ ਹਨ। ਇਸ ਬਾਰੇ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨਰਮੇ ਦੀ ਫ਼ਸਲ ਤਾਂ ਬਿਲਕੁਲ ਪੱਕ ਚੁੱਕੀ ਹੈ ਅਤੇ ਝੋਨਾ ਵੀ ਕੁਝ ਹੀ ਦਿਨਾਂ ਵਿੱਚ ਆ ਜਾਵੇਗਾ। ਉਨ੍ਹਾਂ ਕਿਹਾ ਕਿ ਬੀਤੀ ਰਾਤ ਪਏ ਮੀਂਹ ਕਾਰਨ ਨਰਮੇ ਦੀ ਫ਼ਸਲ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਛੇਤੀ ਹੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜਾ ਦੇਣਾ ਚਾਹੀਦਾ ਹੈ। ਉੱਥੇ ਹੀ ਜਦੋਂ ਇਸ ਬਾਰੇ ਖੇਤੀਬਾੜੀ ਅਧਿਕਾਰੀ ਡਾ. ਗੁਰਮੇਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਪਏ ਮੀਂਹ ਕਾਰਨ ਫਸਲਾਂ ਦਾ ਕੋਈ ਜ਼ਿਆਦਾ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਫ਼ਸਲਾਂ ਵਿੱਚ ਪਾਣੀ ਲੱਗਿਆ ਹੋਇਆ ਸੀ, ਉਹ ਜ਼ਰੂਰ ਡਿੱਗੀਆਂ ਹਨ ਪਰ ਫਿਰ ਵੀ ਉਨ੍ਹਾਂ ਦੀਆਂ ਟੀਮਾਂ ਸਰਵੇ ਕਰ ਰਹੀਆਂ ਹਨ। ਸਰਵੇ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ ਤਾਂ ਕਿ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾ ਸਕੇ।