ਮਾਨਸਾ: ਇਨਕਲਾਬੀ ਨੌਜਵਾਨ ਸਭਾ ਨੇ ਸ਼ਨਿੱਚਰਵਾਰ ਨੂੰ ਮਾਨਸਾ 'ਚ ਖੇਤੀ ਕਾਨੂੰਨਾਂ ਤੇ ਹਾਥਰਸ 'ਚ ਹੋਏ ਗੈਂਗਰੇਪ ਨੂੰ ਲੈ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਦਾ ਘਿਰਾਉ ਕਰਕੇ ਰੋਸ ਮਾਰਚ ਕੀਤਾ। ਇਸ ਦੇ ਨਾਲ ਹੀ ਨੌਜਵਾਨ ਸਭਾ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਨੌਜਵਾਨ ਸਭਾ ਦੇ ਆਗੂ ਗੁਰਪਿਆਰ ਸਿੰਘ ਗਿੱਲ ਨੇ ਕਿਹਾ ਕਿ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਅੱਜ ਮਾਨਸਾ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਮੱਖਣ ਲਾਲ ਦੇ ਘਰ ਦਾ ਘਿਰਾਉ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਖੇਤੀ ਕਾਨੂੰਨ ਪਾਸ ਕੀਤੇ ਹਨ, ਇਹ ਕਿਸਾਨ ਵਿਰੋਧੀ ਹਨ। ਜਿਸ ਦੇ ਨਾਲ ਮਜ਼ਦੂਰ ਵਪਾਰੀ ਅਤੇ ਛੋਟੇ ਦੁਕਾਨਦਾਰਾਂ ਦਾ ਨੁਕਸਾਨ ਹੋਵੇਗਾ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਮੱਖਣ ਲਾਲ ਨਾਲ ਉਨ੍ਹਾਂ ਦੀ ਕੋਈ ਨਿੱਜੀ ਰੰਜਿਸ਼ ਨਹੀਂ ਸਗੋਂ ਉਹ ਤਾਂ ਕੇਂਦਰ ਸਰਕਾਰ ਨੂੰ ਇੱਕ ਚਿਤਾਵਨੀ ਦੇਣਾ ਚਾਹੁੰਦੇ ਹਨ ਅਤੇ ਇਨ੍ਹਾਂ ਰਾਹੀਂ ਇਕ ਸੰਦੇਸ਼ ਭੇਜਣਾ ਚਾਹੁੰਦੇ ਹਨ ਕਿ ਜੋ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਲਿਆਂਦੇ ਹਨ। ਉਨ੍ਹਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਜੇਕਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ 'ਚ ਉਹ ਪੰਜਾਬ ਭਰ ਵਿੱਚ ਜ਼ਿਲ੍ਹਾ ਪ੍ਰਧਾਨਾਂ ਦੇ ਘਰਾਂ ਬਾਹਰ ਪੱਕੇ ਮੋਰਚੇ ਲਗਾ ਦੇਣਗੇ।
ਇਨਕਲਾਬ ਨੌਜਵਾਨ ਸਭਾ ਦੀ ਨਰਿੰਦਰ ਕੌਰ ਬੁਰਜ ਹਮੀਰਾ ਨੇ ਕਿਹਾ ਕਿ ਯੂਪੀ ਦੇ ਹਾਥਰਸ ਵਿੱਚ ਹੋਏ ਗੈਂਗਰੇਪ ਦੇ ਕਾਰਨ ਅੱਜ ਦੇਸ਼ ਭਰ ਦੇ ਵਿੱਚ ਮੋਦੀ ਸਰਕਾਰ ਦੇ ਖਿਲਾਫ਼ ਲੋਕ ਆਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਸ਼ਹਿ 'ਤੇ ਅਜਿਹੇ ਦੇਸ਼ ਭਰ ਦੇ ਵਿੱਚ ਗੈਂਗ ਰੇਪ ਹੋ ਰਹੇ ਹਨ। ਅੱਜ ਉਨ੍ਹਾਂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਦਾ ਘਿਰਾਉ ਇਸ ਲਈ ਕੀਤਾ ਹੈ ਅਤੇ ਉਹ ਪੁੱਛਣਾ ਚਾਹੁੰਦੇ ਹਾਂ ਕਿ ਉਹ ਅਜਿਹੇ ਗੈਂਗਰੇਪ ਹੋਣ ਦੀ ਹਮਾਇਤ ਕਰਦੇ ਹਨ ਜਾਂ ਉਹ ਦੇਸ਼ ਦੀ ਜਨਤਾ ਦੇ ਨਾਲ ਹਨ ਤੇ ਆਪਣਾ ਸਟੈਂਡ ਸਪੱਸ਼ਟ ਕਰਨ।
ਉਨ੍ਹਾਂ ਕਿਹਾ ਕਿ ਜੇਕਰ ਹਾਥਰਸ ਵਿੱਚ ਹੋਏ ਗੈਂਗਰੇਪ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਨਹੀਂ ਦਿੱਤੀ ਜਾਂਦੀ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਤਾਂ ਉਹ ਪੱਕੇ ਤੌਰ 'ਤੇ ਜ਼ਿਲ੍ਹਾ ਪ੍ਰਧਾਨਾਂ ਦੇ ਘਰਾਂ ਬਾਹਰ ਮੋਰਚਾ ਲਗਾ ਦੇਣਗੇ।