ਮਾਨਸਾ: ਪੰਜਾਬ ਸਰਕਾਰ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ ਦੀ ਦੂਸਰੀ ਲੜੀ ਦੇ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ’ਚ ਵਿਦਿਆਰਥੀਆਂ ਨੂੰ 2900 ਫ਼ੋਨ ਵੰਡੇ ਗਏ।
ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪ੍ਰੇਮ ਮਿੱਤਲ ਨੇ ਮੀਡੀਆ ਨੂੰ ਦੱਸਿਆ ਕਿ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਦੂਸਰੇ ਪੜਾਅ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ’ਚ ਵਿਦਿਆਰਥੀ ਜੋ ਬਾਰ੍ਹਵੀਂ ਜਮਾਤ ਵਿੱਚ ਪੜ੍ਹਦੇ ਹਨ, ਉਨ੍ਹਾਂ ਨੂੰ 2900 ਮੋਬਾਇਲ ਫ਼ੋਨ ਵੰਡੇ ਗਏ ਹਨ। ਜੋ ਕਿ ਕੈਪਟਨ ਸਰਕਾਰ ਦਾ ਬਹੁਤ ਹੀ ਵਧੀਆ ਉਪਰਾਲਾ ਹੈ ਤਾਂ ਜੋ ਬੱਚਿਆਂ ਦੀ ਪੜ੍ਹਾਈ ’ਚ ਵਿਘਨ ਨਾ ਪਵੇ।
ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆ ਸਕੂਲ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਸੀ। ਇਨ੍ਹਾਂ ਸਮਾਰਟ ਫ਼ੋਨਾਂ ਰਾਹੀਂ ਬੱਚੇ ਆਪਣੀ ਪੜ੍ਹਾਈ ਜਾਰੀ ਰੱਖ ਸਕਣਗੇ।
ਸਮਾਰਟ ਫ਼ੋਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਬੁੱਧ ਰਾਮ ਅਤੇ ਯਾਦਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਕੋਰੋਨਾ ਮਹਾਂਮਾਰੀ ਦੌਰਾਨ ਪੜ੍ਹਾਈ ਸਬੰਧੀ ਕਾਫ਼ੀ ਸਮੱਸਿਆ ਆ ਰਹੀ ਸੀ, ਜਿਸ ਕਾਰਣ ਉਹ ਪੜ੍ਹਾਈ ’ਚ ਕਾਫ਼ੀ ਪਛੜ ਰਹੇ ਸਨ। ਪਰ ਹੁਣ ਸਮਾਰਟ ਫ਼ੋਨਾਂ ਜ਼ਰੀਏ ਉਹ ਆਨਲਾਈਨ ਆਸਾਨੀ ਨਾਲ ਪੜ੍ਹਾਈ ਕਰ ਸਕਣਗੇ। ਵਿਦਿਆਰਥੀਆਂ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ।