ਮਾਨਸਾ: 75ਵੇਂ ਆਜ਼ਾਦੀ ਦਿਵਸ ਮੌਕੇ ਜਿਥੇ ਦੇਸ਼ ਭਰ ਦੇ ਵਿੱਚ ਆਜ਼ਾਦੀ ਦਿਵਸ ਮਨਾਇਆ ਗਿਆ, ਉੱਥੇ ਹੀ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਢਿੱਲਵਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਵਿੱਚ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਪਾਰਕ ਦੀ ਉਸਾਰੀ ਕੀਤੀ ਗਈ ਹੈ। ਇਸ ਪਾਰਕ ਦੇ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ ਅਤੇ ਇਸ ਪਾਰਕ ਦਾ ਉਦਘਾਟਨ ਜ਼ਿਲ੍ਹੇ ਦੇ ਐੱਸਐੱਸਪੀ ਡਾ. ਨਰਿੰਦਰ ਭਾਰਗਵ ਵੱਲੋਂ ਕੀਤਾ ਗਿਆ।
ਇਸ ਮੌਕੇ ਐਸਐਸਪੀ ਨਰਿੰਦਰ ਭਾਰਗਵ ਨੇ ਦੱਸਿਆ ਕਿ 75ਵੇਂ ਆਜ਼ਾਦੀ ਦਿਹਾੜੇ ਦਾ ਪੂਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉੱਥੇ ਹੀ ਮਾਨਸਾ ਜ਼ਿਲ੍ਹੇ ਦੇ ਪਿੰਡ ਬੁਰਜ ਢਿਲਵਾਂ ਦੀ ਪੰਚਾਇਤ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ। ਜਿਨ੍ਹਾਂ ਨੇ ਆਜ਼ਾਦੀ ਦਿਵਸ ਦੇ ਮੌਕੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਹੈ, ਕਿਉਂਕਿ ਇਹ ਮਹਾਨ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ। ਜਿਨ੍ਹਾਂ ਨੇ ਸ਼ਹਾਦਤ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਹੈ।
ਉਨ੍ਹਾਂ ਕਿਹਾ ਕਿ ਸਾਡਾ ਫਰਜ਼ ਹੈ ਕਿ ਇਨ੍ਹਾਂ ਸ਼ਹੀਦਾਂ ਨੂੰ ਯਾਦ ਰੱਖਿਆ ਜਾਵੇ। ਸੋ ਇਸ ਪਿੰਡ ਦੀ ਪੰਚਾਇਤ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਸਮਰਪਿਤ ਜੋ ਉਪਰਾਲਾ ਕੀਤਾ ਗਿਆ ਹੈ, ਉਹ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਹੋਰ ਵੀ ਪਿੰਡਾਂ ਦੀਆਂ ਪੰਚਾਇਤਾਂ ਨੂੰ ਸਾਡੇ ਸ਼ਹੀਦਾਂ ਨੂੰ ਸਮਰਪਿਤ ਅਜਿਹੇ ਕੰਮ ਕਰਨੇ ਚਾਹੀਦੇ ਹਨ ਤਾਂ ਕਿ ਸਾਡੀ ਨੌਜਵਾਨ ਪੀੜ੍ਹੀ ਰਸਤਾ ਨਾ ਭਟਕੇ ਅਤੇ ਉਹ ਸ਼ਹੀਦਾਂ ਦੇ ਦੱਸੇ ਹੋਏ ਮਾਰਗ 'ਤੇ ਚੱਲ ਸਕਣ।
ਪਿੰਡ ਬੁਰਜ ਢਿੱਲਵਾਂ ਦੇ ਸਰਪੰਚ ਜਗਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਸਾਡੇ ਮਹਾਨ ਸ਼ਹੀਦ ਭਗਤ ਸਿੰਘ ਦਾ ਬੁੱਤ ਪਿੰਡ ਵਿੱਚ ਸਥਾਪਿਤ ਕੀਤਾ ਜਾਵੇ ਤਾਂ ਕਿ ਪਿੰਡ ਦੀ ਨੌਜਵਾਨ ਪੀੜ੍ਹੀ ਉਨ੍ਹਾਂ ਤੋਂ ਕੁਝ ਸਿੱਖਿਆ ਲੈ ਸਕੇ। ਇਸ ਦੇ ਲਈ ਉਨ੍ਹਾਂ ਆਜ਼ਾਦੀ ਦਿਵਸ ਦੇ ਮੌਕੇ ਸ਼ਹੀਦ ਭਗਤ ਸਿੰਘ ਦਾ ਬੁੱਤ ਸਥਾਪਿਤ ਕੀਤਾ ਹੈ ਤਾਂ ਕਿ ਨੌਜਵਾਨ ਪੀੜ੍ਹੀ ਗਾਇਕਾਂ ਦਾ ਪਿੱਛਾ ਛੱਡ ਕੇ ਸਾਡੇ ਸ਼ਹੀਦਾਂ ਦੀ ਸ਼ਹਾਦਤ ਨੂੰ ਯਾਦ ਰੱਖੇ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪਿੰਡ ਦੀਆਂ ਸਾਂਝੀਆਂ ਥਾਂਵਾਂ 'ਤੇ ਹੋਰ ਵੀ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬੁੱਤ ਅਤੇ ਲਾਇਬ੍ਰੇਰੀਆਂ ਉਸਾਰੀਆਂ ਜਾਣਗੀਆਂ ਤਾਂ ਕਿ ਪਿੰਡ ਨੂੰ ਪੂਰੇ ਪੰਜਾਬ ਵਿਚੋਂ ਵੱਖਰਾ ਪਿੰਡ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ:ਪੰਜਾਬ ਦੇ ਇਸ ਮੰਤਰੀ ਨੇ ਆਜ਼ਾਦੀ ਸਮਾਗਮ 'ਚ ਕੇਂਦਰ ਨੂੰ ਦਿਖਾਇਆ ਕਾਲਾ ਝੰਡਾ