ਮਾਨਸਾ: ਸੂਬੇ ਚ ਕੋਰੋਨਾ ਦੇ ਲਗਾਤਾਰ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਨਵੀਂ ਨਵੀਂ ਹਿਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸਦੇ ਚੱਲਦੇ ਜ਼ਿਲ੍ਹੇ ’ਚ ਐੱਸਐੱਸਪੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਸਿਟੀ ਵਨ ਦੇ ਵਿੱਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਵਿੱਚ ਹੋਟਲ ਮਾਲਕ,ਦੁਕਾਨਦਾਰ ਸਬਜ਼ੀ ਰੇਹੜੀ ਅਤੇ ਕਾਰਖਾਨੇ ਮਾਲਕ ਆਦਿ ਨੇ ਹਿੱਸਾ ਲਿਆ।
ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐਤਵਾਰ ਦੇ ਦਿਨ ਲਾਕਡਾਊਨ ਰਹੇਗਾ ਇਸ ਤੋਂ ਇਲਾਵਾ ਆਮ ਦਿਨਾਂ ਦੇ ਵਿੱਚ ਵੀ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਰਹੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਲਈ ਹੀ ਉਨ੍ਹਾਂ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਨਾਲ ਮੀਟਿੰਗ ਕੀਤੀ ਗਈ ਹੈ ਤਾਂ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉੱਥੇ ਉਨ੍ਹਾਂ ਸ਼ਹਿਰ ਵਾਸੀਆਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਪੁਲਿਸ ਤੇ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਅਪੀਲ ਵੀ ਕੀਤੀ।
ਦੂਜੇ ਪਾਸੇ ਮੀਟਿੰਗ ’ਚ ਸ਼ਾਮਲ ਹੋਏ ਸ਼ਹਿਰਵਾਸੀਆਂ ਦਾ ਕਹਿਣਾ ਸੀ ਕਿ ਸੂਬੇ ’ਚ ਬੀਮਾਰੀ ਲਗਾਤਾਰ ਫੈਲਦੀ ਜਾ ਰਹੀ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਦੀ ਪਾਲਣਾ ਕਰਨਗੇ ਅਤੇ ਉਹ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।