ਮਾਨਸਾ: ਸੂਬੇ ’ਚ ਕੋਵਿਡ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ, ਸਿਹਤ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਹਰ ਇੱਕ ਪੁਖਤਾ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧ ਚ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੱਲੋਂ ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੱਤੇ ਕਿ ਕੋਵਿਡ ਦੀ ਰੋਕਥਾਮ ਬੇਹੱਦ ਜ਼ਰੂਰੀ ਹੈ ਅਤੇ ਸਰਕਾਰ ਵੱਲੋਂ ਕੋਵਿਡ ਦੀ ਰੋਕਥਾਮ ਲਈ ਜਾਰੀ ਸਿਹਤ ਸਲਾਹਾਂ ਦੀ ਸਹੀ ਤਰੀਕੇ ਨਾਲ ਪਾਲਣਾ ਕਰਵਾਈ ਜਾਵੇ। ਨਾਲ ਹੀ ਐਕਟਿਵ ਕੇਸਾਂ ’ਤੇ ਚੰਗੀ ਤਰ੍ਹਾਂ ਨਾਲ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਪਾਜ਼ੀਟਿਵ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਤੁਰੰਤ ਹੀ ਕੇਸ ਦਰਜ ਕੀਤਾ ਜਾਵੇ। ਡੀਸੀ ਮਹਿੰਦਰ ਪਾਲ ਨੇ ਕਿਹਾ ਕਿ ਜਿਹੜੇ ਨਾਗਰਿਕ ਇਸ ਵੇਲੇ ਕੋਵਿਡ ਪਾਜ਼ੀਟਿਵ ਹਨ। ਇਹ ਘਰ ਚ ਇਕਾਂਤਵਾਸ ਚ ਰਹਿ ਕੇ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਨ।
ਨਿਯਮਾਂ ਦੀ ਸਖਤੀ ਨਾਲ ਕਰਵਾਈ ਜਾਵੇ ਪਾਲਣਾ
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਹੈ ਕਿ ਕੋਰੋਨਾ ਸੈਂਪਲਾਂ ਦੀ ਗਿਣਤੀ ਵਧਾ ਦਿੱਤੀ ਜਾਵੇ। ਜ਼ਿਲ੍ਹੇ ਦੇ ਨਾਗਰਿਕਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਮਾਹੌਲ ਮੁਹੱਈਆ ਕਰਵਾਈ ਜਾਵੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਹੜੇ ਵਾਰਡਾਂ, ਕਲੋਨੀਆਂ ਜਾਂ ਪਿੰਡਾਂ ਵਿੱਚ ਮਾਈਕਰੋ ਕੰਟੇਨਮੈਂਟ ਜੋਨ ਸਥਾਪਤ ਕੀਤੇ ਜਾਂਦੇ ਹਨ ਉੱਥੇ ਨਿਯਮਾਂ ਦੀ ਪਾਲਣਾ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਵਾਇਰਸ ਦੇ ਕਿਸੇ ਵੀ ਤਰ੍ਹਾਂ ਦੇ ਵਾਧੇ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਟ੍ਰੈਫਿਕ ਪੁੁਲਿਸ ਨੂੰ ਵਾਹਨਾਂ ਦੀ ਨਿਰੰਤਰ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਬਿਨਾਂ ਮਾਸਕ ਤੋਂ ਦਿਖਦਾ ਹੈ ਤਾਂ ਉਸਦਾ ਤੁਰੰਤ ਹੀ ਚਾਲਾਨ ਕੱਟਿਆ ਜਾਵੇ।
ਇਹ ਵੀ ਪੜੋ: ਪੰਜਾਬ ਸਰਕਾਰ ਵੱਲੋਂ 26 ਖਿਡਾਰੀਆਂ ਨੂੰ ਸੌਂਪੇ ਗਏ ਪੁਲਿਸ ਭਰਤੀ ਦੇ ਨਿਯੁਕਤੀ ਪੱਤਰ
ਐਸਐਸਪੀ ਨੇ ਲੋਕਾਂ ਨੂੰ ਕੀਤੀ ਅਪੀਲ
ਐਸਐਸਪੀ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਕੋਵਿਡ ਪਾਜ਼ੀਟਿਵ ਵਿਅਕਤੀ ਘਰੇਲੂ ਇਕਾਂਤਵਾਸ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਵੇ ਤਾਂ ਤੁਰੰਤ ਉਸਦੀ ਸੂਚਨਾ ਪੁਲਿਸ ਦੇ ਹੈਲਪਲਾਈਨ ਨੰਬਰ 112 'ਤੇ ਦਿੱਤੀ ਜਾਵੇ ਤਾਂ ਜੋ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।