ਮਾਨਸਾ: ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ 13 ਸਤੰਬਰ ਨੂੰ ਸੰਘਰਸ਼ ਉਲੀਕਿਆ ਗਿਆ ਸੀ, ਜਿਸਦਾ ਹੱਲ ਕੱਢਣ ਲਈ ਵਾਅਦੇ ਤਾਂ ਕੀਤੇ ਗਏ ਪਰ ਕੋਈ ਸਿੱਟਾ ਨਹੀਂ ਨਿਕਲਿਆ। ਇਸ ਤੋਂ ਬਾਅਦ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਮਾਨਸਾ ਦੇ ਗੁਰਦੁਆਰਾ ਚੌਕ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੀ ਮੰਗ ਹੈ ਕਿ ਆਵਾਰਾ ਪਸ਼ੂਆਂ ਦਾ ਕੋਈ ਸਥਾਈ ਹੱਲ ਕੱਢਿਆ ਜਾਵੇ ਤਾਂ ਜੋ ਕਾਰਨ ਵੱਧ ਰਹੀਆਂ ਘਤਨਾ ਰੁਕ ਸਕਣ। ਇਸੇ ਦੇ ਚੱਲਦੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਸ਼ਾਮਿਲ ਹੋਏ।
ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਲਦ ਹੀ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਆਵਾਰਾ ਪਸ਼ੂਆਂ ਦਾ ਆਤੰਕ ਇੰਨਾ ਵਧ ਗਿਆ ਹੈ ਕਿ ਉਹ ਕਿਸੇ ਵੀ ਬੱਚੇ ਨੌਜਵਾਨ ਜਾਂ ਬਜ਼ੁਰਗ ਨੂੰ ਨਹੀਂ ਬਖ਼ਸ਼ਦੇ ਅਤੇ ਆਪਣਾ ਸ਼ਿਕਾਰ ਬਣਾ ਲੈਂਦੇ ਹਨ। ਉਨ੍ਹਾਂ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਵਿਧਾਨ ਸਭਾ ਦੇ ਵਿੱਚ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਲੈ ਕੇ ਮੁੱਦਾ ਚੁੱਕਿਆ ਸੀ ਅਤੇ ਇਸ ਵਾਰ ਫਿਰ ਪੰਜਾਬ ਸਰਕਾਰ ਨੂੰ ਜਲਦ ਹੀ ਅਵਾਰਾ ਪਸ਼ੂਆਂ ਦਾ ਹੱਲ ਕਰਨ ਦੇ ਲਈ ਵਿਧਾਨ ਸਭਾ ਦੇ ਵਿੱਚ ਆਵਾਜ਼ ਉਠਾਉਣ। ਜੇ ਪੰਜਾਬ ਸਰਕਾਰ ਨੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਪੰਜਾਬ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹੇਗੀ ਅਤੇ ਸਰਕਾਰ 'ਤੇ ਦਬਾਅ ਬਣਾ ਕੇ ਜਲਦ ਹੀ ਆਵਾਰਾ ਪਸ਼ੂਆਂ ਦਾ ਹੱਲ ਕਰਵਾਵੇਗੀ।