ਮਾਨਸਾ: ਪੀ.ਟੀ.ਏ. ਫੰਡ ਰੱਦ ਕਰਨ ਦੀ ਮੰਗ ਕਰਦਿਆਂ ਨਹਿਰੂ ਮੈਮੋਰੀਅਲ ਕਾਲਜ ਦੇ ਵਿਦਿਆਰਥੀ 17 ਅਗਸਤ ਤੋਂ ਕਾਲਜ ਦੇ ਪ੍ਰਿੰਸੀਪਲ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਰਹੇ ਹਨ ਪਰ ਕਾਲਜ ਕਮੇਟੀ ਵੱਲੋਂ ਇਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦੇਣ ਤੋਂ ਗੁੱਸੇ ਹੋਏ ਵਿਦਿਆਰਥੀਆਂ ਨੇ ਕਾਲਜ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਕਾਲਜ ਪ੍ਰਿੰਸੀਪਲ ਦੇ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਵਿਦਿਆਰਥੀ ਆਗੂ ਪ੍ਰਦੀਪ ਗੁਰੂ ਅਤੇ ਗੁਰਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਦੂਸਰੇ ਕਾਲਜਾਂ 'ਚੋਂ ਮਹਿਜ਼ 250 ਰੁਪਏ ਫੀਸ ਵਿੱਚ ਬੱਚਿਆਂ ਦੇ ਦਾਖ਼ਲੇ ਕੀਤੇ ਜਾ ਰਹੇ ਹਨ ਪਰ ਨਹਿਰੂ ਮੈਮੋਰੀਅਲ ਕਾਲਜ ਵਿੱਚ 3,000 ਹਜ਼ਾਰ ਰੁਪਏ ਫੀਸ ਮੰਗੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦ ਹੀ ਹੱਲ ਨਾ ਕੀਤਾ ਗਿਆ ਤਾਂ ਵਿਦਿਆਰਥੀ ਭੁੱਖ ਹੜਤਾਲ ਜਾਂ ਫਿਰ ਮਰਨ ਵਰਤ 'ਤੇ ਬੈਠ ਜਾਣਗੇ।