ਮਾਨਸਾ: ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਸੁਖਬੀਰ ਬਾਦਲ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ 'ਤੇ ਜੰਮ ਕੇ ਨਿਸ਼ਾਨੇ ਸਾਧੇ।
ਸੁਖਬੀਰ ਬਾਦਲ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੇ ਪਰਿਵਾਰ ਅਤੇ ਇਸ ਮੁੱਦੇ 'ਤੇ ਸਿਆਸਤ ਕਰਨ ਵਾਲਿਆਂ ਦਾ ਕੱਖ ਨਾ ਰਹੇ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਬੇਅਦਬੀ ਗਾਂਧੀ ਪਰਿਵਾਰ ਤੇ ਕਾਂਗਰਸ ਨੇ ਦਰਬਾਰ ਸਾਹਿਬ 'ਤੇ ਹਮਲਾ ਕਰਵਾ ਕੇ ਕੀਤੀ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸ਼ਬਦੀ ਵਾਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਅਕਾਲੀ ਦਲ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਦੋਸ਼ ਲਗਾਉਂਦੇ ਹਨ ਪਰ ਉਨ੍ਹਾਂ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਖ਼ੁਦ ਬੇਅਦਬੀ ਕੀਤੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਬਰਗਾੜੀ ਮੋਰਚੇ ਵਿਰੁੱਧ ਬੋਲਦਿਆਂ ਕਿਹਾ ਕਿ ਬਰਗਾੜੀ ਮੋਰਚਾ ਕਾਂਗਰਸ ਦੇ ਇਸ਼ਾਰੇ 'ਤੇ ਕੰਮ ਕਰਦਾ ਹੈ ਤੇ ਕਾਂਗਰਸ ਦੇ ਹੀ ਕਹਿਣ 'ਤੇ ਮੋਰਚੇ ਵੱਲੋਂ ਪਿੰਡ ਬਾਦਲ ਤੱਕ ਰੋਸ ਮਾਰਚ ਕੱਢਿਆ ਗਿਆ।