ਮਾਨਸਾ: ਜ਼ਿਲ੍ਹੇ ਵਿੱਚ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਕੇ ਜਿੱਥੇ ਮਾਪਿਆਂ ਦਾ ਵਿਸ਼ਵਾਸ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਹੈ ਉੱਥੇ ਹੀ ਪ੍ਰਾਈਵੇਟ ਸਕੂਲਾਂ ਦੀਆਂ ਰੋਜ਼ਾਨਾ ਵਧਦੀਆਂ ਫੀਸਾਂ ਅਤੇ ਹੋਰ ਖ਼ਰਚੇ ਮਾਪਿਆਂ ਨੂੰ ਚੁੱਭਣ ਲੱਗੇ ਹਨ। ਇਸ ਕਾਰਨ ਉਨ੍ਹਾਂ ਨੇ ਆਪਣੇ ਬੱਚਿਆਂ ਦੀ ਸਿੱਖਿਆ ਲਈ ਸਰਕਾਰੀ ਸਕੂਲਾਂ ਦਾ ਰੁੱਖ ਅਪਣਾ ਲਿਆ ਹੈ।
ਪਹਿਲਕਦਮੀ ਕਰਦੇ ਹੋਏ ਸਰਕਾਰੀ ਅਧਿਆਪਕਾਂ ਪਿੰਡ ਦੇ ਸਰਪੰਚਾਂ ਅਤੇ ਸ਼ਹਿਰਾਂ ਦੇ ਕੌਂਸਲਰਾਂ ਵੱਲੋਂ ਖੁਦ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ 5 ਹਜ਼ਾਰ ਨਵੇਂ ਵਿਦਿਆਰਥੀ ਦਾਖਲ ਹੋ ਚੁੱਕੇ ਹਨ।
ਸਰਕਾਰੀ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕਾਂ ਨੇ ਵੀ ਆਪਣੇ ਬੱਚਿਆਂ ਨੂੰ ਸਿੱਖਿਆ ਲਈ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਦਿੱਤਾ ਹੈ। ਅਧਿਆਪਕ ਰਾਮ ਨਾਥ ਸਿੰਘ ਨੇ ਦੱਸਿਆ ਕਿ ਜਦੋਂ ਅਸੀਂ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਲਈ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਵਾਉਣ ਲਈ ਕਹਿੰਦੇ ਸੀ ਤਾਂ ਲੋਕ ਅੱਗੋਂ ਸਵਾਲ ਕਰਦੇ ਸੀ ਅਤੇ ਆਪਣੇ ਖੁਦ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੇ ਲਈ ਕਹਿੰਦੇ ਹਨ ਜਿਸ ਕਰਕੇ ਸਾਨੂੰ ਖੁਦ ਨੂੰ ਵੀ ਅਹਿਸਾਸ ਹੁੰਦਾ ਸੀ ਅਤੇ ਹੁਣ ਉਨ੍ਹਾਂ ਵੱਲੋਂ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਪਹਿਲਕਦਮੀ ਕੀਤੀ ਗਈ ਹੈ।
ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀ ਸਿੱਖਿਆ ਲਈ ਕੀਤੇ ਜਾ ਰਹੇ ਯਤਨਾਂ ਦਾ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਸ਼ਹਿਰਾਂ ਦੇ ਕੌਂਸਲਰ ਵੀ ਸਮਰਥਨ ਕਰਨ ਲੱਗੇ ਹਨ ਜਿਸ ਦਾ ਨਤੀਜਾ ਹੈ ਕਿ ਕੌਂਸਲਰ ਅਤੇ ਸਰਪੰਚ ਆਪਣੇ ਬੱਚਿਆਂ ਨੂੰ ਸਿੱਖਿਆ ਲਈ ਸਰਕਾਰੀ ਸਕੂਲਾਂ ਵਿੱਚ ਭਰਤੀ ਕਰਵਾ ਰਹੇ ਹਨ।
ਭਿੱਖੀ ਦੀ ਕੌਂਸਲਰ ਪਰਮਜੀਤ ਕੌਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਹਰ ਤਰ੍ਹਾਂ ਦੀਆਂ ਸਹੂਲਤਾਂ ਹਨ ਅਤੇ ਪੜ੍ਹਾਈ ਵੀ ਵਧੀਆ ਹੁੰਦੀ ਹੈ ਅਤੇ ਪ੍ਰਾਈਵੇਟ ਸਕੂਲ ਬੱਚਿਆਂ ਦੇ ਮਾਪਿਆਂ ਤੋਂ ਫੀਸਾਂ ਵੀ ਜ਼ਿਆਦਾ ਵਸੂਲਦੇ ਹਨ ਪਰ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਸਾਰੀਆਂ ਸੁਵਿਧਾਵਾਂ ਹਨ ਤੇ ਪੜ੍ਹਾਈ ਵੀ ਵਧੀਆ ਹੈ ਤੇ ਉਨ੍ਹਾਂ ਨੇ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਲਾਇਆ ਹੈ।
ਸਰਕਾਰੀ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਸਰਕਾਰੀ ਸਕੂਲ ਵਿੱਚੋਂ ਪੜ੍ਹਾਈ ਕਰ ਰਹੇ ਹਨ ਅਤੇ ਹੁਣ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲ ਕਿਤੇ ਵਧੀਆ ਹਨ ਅਤੇ ਸਰਕਾਰੀ ਸਕੂਲਾਂ ਚ ਹਰ ਤਰ੍ਹਾਂ ਦੀ ਸੁਵਿਧਾ ਉਪਲੱਬਧ ਹੈ।
ਸਿੱਖਿਆ ਵਿਭਾਗ ਦੇ ਮੀਡੀਆ ਕੋਆਰਡੀਨੇਟਰ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਉਪਲੱਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਦੇ ਚੰਗੇ ਨਤੀਜੇ ਮਿਲਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਇਸ ਸੈਸ਼ਨ ਵਿੱਚ 5 ਹਜ਼ਾਰ ਨਵੇਂ ਦਾਖ਼ਲੇ ਸਰਕਾਰੀ ਸਕੂਲਾਂ ਵਿੱਚ ਹੋਏ ਹਨ ਜਿਨ੍ਹਾਂ ਵਿੱਚੋਂ 2800 ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਆਏ ਹਨ।