ਮਾਨਸਾ: ਪੰਜਾਬ ਵਿੱਚ ਮਹਿੰਗੀ ਬਿਜਲੀ ਦੇ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮਾਨਸਾ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ, ਪਰ ਸਰਕਾਰ ਨੇ ਕਾਰਪੋਰੇਟ ਅਦਾਰਿਆਂ ਨਾਲ ਕੀਤੇ ਗਏ ਸਮਝੌਤੇ ਨਾ ਤਾਂ ਰੱਦ ਕੀਤੇ ਹਨ ਅਤੇ ਨਾ ਹੀ ਲੋਕਾਂ ਨੂੰ ਬਿਜਲੀ ਸਸਤੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਹਰ ਵਿਅਕਤੀ ਨੂੰ 10 ਹਜ਼ਾਰ ਤੋਂ 20 ਹਜ਼ਾਰ ਰੁਪਏ ਬਿੱਲ ਆ ਰਿਹਾ ਹੈ, ਹੋਰ ਤਾਂ ਹੋਰ ਕਾਂਗਰਸ ਸਰਕਾਰ ਆਪਣੇ ਵਾਅਦੇ ਭੁੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤ ਅਪ੍ਰੈਲ ਨੂੰ ਪੰਜਾਬ ਭਰ ਦੇ ਵਿੱਚ ਕਾਂਗਰਸ ਸਰਕਾਰ ਖਿਲਾਫ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜਦੋਂ ਤੱਕ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਅਨੁਸਾਰ ਬਿਜਲੀ ਸਸਤੀ ਨਹੀਂ ਕਰਦੀ ਉਦੋਂ ਤੱਕ ਆਮ ਆਦਮੀ ਪਾਰਟੀ ਅੰਦੋਲਨ ਜਾਰੀ ਰੱਖੇਗੀ।