ਮਾਨਸਾ : ਜ਼ਿਲ੍ਹੇ ਦੇ ਪਿੰਡ ਰੱਲਾ ਵਿਖੇ 11 ਜਨਵਰੀ ਦੀ ਰਾਤ ਮਹਿਲਾ ਕਤਲ ਮਾਮਲੇ ਵਿੱਚ ਦੋਸ਼ੀਆ ਦੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੀੜਤ ਪਰਿਵਾਰ 7 ਦਿਨ ਤੋਂ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਿਹਾ ਹੈ ਤੇ ਮ੍ਰਿਤਕ ਮਹਿਲਾ ਦਾ ਪੋਸਟਮਾਰਟਮ 8ਵੇਂ ਦਿਨ ਵੀ ਨਹੀਂ ਹੋਣ ਦਿੱਤਾ ਗਿਆ। ਮਜ਼ਦੂਰ ਆਗੂਆਂ ਨੇ ਦੱਸਿਆ ਕਿ ਪਿੰਡ ਦੇ ਨੌਜਵਾਨਾਂ ਨੇ 11 ਜਨਵਰੀ ਦੀ ਰਾਤ ਰੱਲਾ ਵਿਖੇ ਔਰਤ ਉਤੇ ਗੱਡੀ ਚਾੜ੍ਹ ਕੇ ਕਤਲ ਕਰ ਦਿੱਤਾ ਸੀ ਪਰ 7 ਦਿਨ ਬੀਤ ਚੁੱਕੇ ਹਨ ਹਾਲੇ ਤੱਕ ਪੁਲਿਸ ਨੇ ਦੋਸ਼ੀਆ ਨੂੰ ਗ੍ਰਿਫਤਾਰ ਨਹੀਂ ਕੀਤਾ। ਪਰਿਵਾਰ ਗ੍ਰਿਫ਼ਤਾਰੀ ਤੇ ਐੱਸਸੀ ਐਕਟ ਤਹਿਤ ਮਿਲਣ ਵਾਲੇ ਮੁਆਵਜ਼ੇ ਦੀ ਮੰਗ ਨੂੰ ਲੈ 7 ਦਿਨ ਤੋਂ ਹਸਪਤਾਲ ਵਿਖੇ ਧਰਨਾ ਪ੍ਰਦਰਸ਼ਨ ਕਰ ਰਿਹਾ ਹੈ ਵੀਰਵਾਰ ਨੂੰ ਪੀੜਤ ਪਰਿਵਾਰ ਮਾਨਸਾ ਵਿਖੇ ਸੰਘਰਸ਼ਸ਼ੀਲ ਜਥੇਬੰਦੀ ਦੇ ਸਹਿਯੋਗ ਨਾਲ ਮਾਨਸਾ ਵਿਖੇ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਿੱਤ ਦਿਨ ਮਜ਼ਦੂਰਾਂ ਉਤੇ ਹਮਲੇ ਹੋ ਰਹੇ ਹਨ ਪਰ ਚੋਣਾਂ ਸਮੇਂ ਪੰਜਾਬ ਦੇ ਮਜ਼ਦੂਰ ਹਿਤੈਸ਼ੀ ਕਹਾਉਣ ਵਾਲੇ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਚੁੱਪ ਕਿਉਂ ਹਨ। ਆਗੂਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਤਰੁੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪਰਿਵਾਰ ਨੂੰ ਐੱਸਸੀ ਐਕਟ ਤਹਿਤ ਮਿਲਣ ਵਾਲਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਪਰਿਵਾਰ ਵੱਲੋਂ ਰੋਸ ਵਜੋਂ 19 ਜਨਵਰੀ ਨੂੰ ਮਾਨਸਾ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਨਹੀ ਮੰਨੀਆਂ ਜਾਦੀਆਂ ਉਦੋਂ ਤੱਕ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: ਪੰਜਾਬ ਸਰਕਾਰ ਨੇ ਸ਼ਰਾਬ ਫੈਕਟਰੀ ਬੰਦ ਕਰਨ ਦੇ ਦਿੱਤੇ ਹੁਕਮ
ਉਧਰ ਇਸ ਮਾਮਲੇ ਨੂੰ ਲੈ ਕੇ ਡੀਐੱਸਪੀ ਮਾਨਸਾ ਨੇ ਦੱਸਿਆ ਕਿ ਉਕਤ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਕਾਰਵਾਈ ਕਰਦਿਆਂ ਹੁਣ ਤਕ 13 ਨੌਜਵਾਨਾਂ ਖਿਲਾਫ ਬਾਈਨੇਮ ਤੇ ਕੁਝ ਅਣਪਛਾਤਿਆਂ ਖਿਲਾਫ ਮਾਮਲੇ ਦਰਜ ਕਰ ਲਏ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਮਾਮਲੇ ਵਿਚ ਜ਼ਿੰਮੇਵਾਰ ਮੁਲਜ਼ਮਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।