ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ 31 ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਲਾਈਨਾਂ 'ਤੇ ਅਣਮਿੱਥੇ ਸਮੇਂ ਲਈ ਲਾਇਆ ਧਰਨਾ ਮਾਨਸਾ ਵਿਖੇ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਆਮ ਆਦਮੀ ਪਾਰਟੀ ਵੱਲੋਂ ਵੀ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਿਸਾਨਾਂ ਦੇ ਧਰਨਿਆਂ ਵਿੱਚ ਨਾ ਹੀ ਪਾਰਟੀ ਦਾ ਝੰਡਾ ਅਤੇ ਨਾ ਹੀ ਪੰਜਾਬ ਵਿੱਚ ਕੋਈ ਟਰੈਕਟਰ ਮਾਰਚ ਕਰਨਗੇ।
ਤੀਜੇ ਦਿਨ ਧਰਨੇ ਦੌਰਾਨ ਪੰਜਾਬ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ, ਬੀਕੇਯੂ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨ ਕਿਸਾਨ ਵਿਰੋਧੀ ਹਨ, ਜਿਸ ਲਈ ਕਿਸਾਨਾਂ ਦੀ ਹਮਾਇਤ 'ਤੇ ਬੇਸ਼ੱਕ ਰਾਜਨੀਤਕ ਪਾਰਟੀਆਂ ਬੋਲ ਰਹੀਆਂ ਹਨ ਅਤੇ ਦਿੱਲੀ ਵੱਲ ਵੀ ਸਿਆਸੀ ਪਾਰਟੀਆਂ ਨੇ ਮਾਰਚ ਕੀਤਾ ਸੀ ਪਰ ਸ਼ੰਭੂ ਬਾਰਡਰ 'ਤੇ ਹੀ ਉਨ੍ਹਾਂ ਨੂੰ ਰੋਕ ਲਿਆ ਗਿਆ।
ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਦਾ ਸੈਲਾਬ ਦਿੱਲੀ ਵੱਲ ਨੂੰ ਚੱਲੇਗਾ ਤਾਂ ਫਿਰ ਕੇਂਦਰ ਸਰਕਾਰ ਰੋਕਣ ਵਿੱਚ ਨਾਕਾਮਯਾਬ ਹੋਵੇਗੀ ਅਤੇ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਮੁੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੀ 7 ਅਕਤੂਬਰ ਨੂੰ ਫਿਰ ਪੰਜਾਬ ਪੱਧਰੀ ਇੱਕ ਮੀਟਿੰਗ ਰੱਖੀ ਗਈ ਹੈ ਜਿਸ ਦੇ ਵਿੱਚ ਕਿਸਾਨ ਅਗਲੇ ਅੰਦੋਲਨ ਦੇ ਲਈ ਵਿਚਾਰ-ਵਟਾਂਦਰਾ ਕਰਨਗੇ। ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਵਿੱਚ ਪਾਰਟੀ ਦਾ ਕੋਈ ਵੀ ਝੰਡਾ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਨਹੀਂ ਦਿਖਾਈ ਦੇਵੇਗਾ ਅਤੇ ਨਾ ਹੀ ਕਿਤੇ ਵੀ ਪੰਜਾਬ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ।