ਮਾਨਸਾ: ਮਾਲਵਾ ਖੇਤਰ ’ਚ ਅਕਸਰ ਹੀ ਨਰਮੇ ਦੀ ਫ਼ਸਲ ’ਤੇ ਗੁਲਾਬੀ ਸੁੰਡੀ ਦੀ ਮਾਰ ਨੂੰ ਲੈ ਕੇ ਚਰਚਾ 'ਚ ਰਹਿੰਦਾ ਹੈ, ਉੱਥੇ ਹੀ ਨਰਮੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਵੱਲੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਵੀ ਮੰਤਰੀਆਂ ਤੱਕ ਪਹੁੰਚ ਕੀਤੀ ਜਾਂਦੀ ਹੈ। ਉੱਥੇ ਹੀ ਹਮਲੇ ਦਾ ਜਾਇਜ਼ਾ ਲੈਣ ਲਈ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਸਮੇਤ ਹੋਰ ਅਧਿਕਾਰੀਆਂ ਨਾਲ ਵੱਖ-ਵੱਖ ਪਿੰਡਾਂ ਵਿੱਚ ਖੇਤਾਂ ਦਾ ਦੌਰਾ ਕੀਤਾ। ਖੇਤੀ ਮੰਤਰੀ ਨੇ ਮਹਿਕਮੇ ਦੇ ਅਧਿਕਾਰੀਆਂ ਨੂੰ ਨਰਮੇ ਦੀ ਫ਼ਸਲ ਬਚਾਉਣ ਲਈ ਹਰ ਰੋਜ਼ ਖੇਤਾਂ ਦਾ ਜਾਇਜ਼ਾ ਲੈਣ ਅਤੇ ਗੁਲਾਬੀ ਸੁੰਡੀ ਸਮੇਤ ਨਰਮੇ ਨੂੰ ਹੋਰਨਾਂ ਜ਼ਹਿਮਤਾਂ ਤੋਂ ਬਚਾਉਣ ਲਈ ਹਰ ਸੰਭਵ ਉਪਰਾਲਾ ਕਰਨ ਦੇ ਹੁਕਮ ਦਿੱਤੇ ਹਨ।
ਖੇਤਾਂ ਵਿੱਚ ਜਾ ਕੇ ਜਾਇਜ਼ਾ ਲੈ ਰਹੇ ਹਨ: ਉਥੇ ਹੀ ਇਸ ਵਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁੱਡੀਆਂ ਨੇ ਕਿਹਾ ਕਿ ਉਹ ਸਾਉਣੀ ਦੀ ਇਸ ਮੁੱਖ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕਰਨਗੇ। ਲੋੜ ਪਈ ਤਾਂ ਉਹ ਸਰਕਾਰ ਵੱਲੋਂ ਗੁਲਾਬੀ ਸੁੰਡੀ ਲਈ ਮੁਫ਼ਤ ਦਵਾਈ ਦੇ ਬੰਦੋਬਸਤ ਕਰਨ ਤੋਂ ਵੀ ਪਿੱਛੇ ਨਹੀਂ ਹਟਣਗੇ।ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਹਲਕਾ ਸਰਦੂਲਗੜ੍ਹ ਦੇ ਵਿੱਚ ਨਰਮੇ ਦੀ ਫਸਲ ਤੇ ਪਈ ਗੁਲਾਬੀ ਸੁੰਡੀ ਦੇ ਹਮਲੇ ਦਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਵੀ ਖੇਤਾਂ ਵਿੱਚ ਜਾ ਕੇ ਜਾਇਜ਼ਾ ਲੈ ਰਹੇ ਹਨ ਅਤੇ ਅੱਜ ਉਹ ਵੀ ਖੇਤਾਂ ਵਿੱਚ ਨਰਮੇ ਦੀ ਫਸਲ ਦਾ ਜਾਇਜ਼ਾ ਲੈਣ ਲਈ ਪਹੁੰਚੇ ਹਨ। ਇਸ ਦੌਰਾਨ ਕਿਸਾਨਾਂ ਦੇ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਤੇ ਸੁੰਡੀ ਦੀ ਰੋਕਥਾਮ ਦੇ ਲਈ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੰਦਿਆ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਨਰਮੇ ਦੀ ਫਸਲ ਤੇ ਛਿੜਕਾਅ ਕੀਤਾ ਜਾਵੇ ਤਾਂ ਕਿ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਰੋਕਿਆ ਜਾ ਸਕੇ।
ਗੜ੍ਹੇਮਾਰੀ ਦਾ ਮੁਆਵਜ਼ਾ: ਜ਼ਿਕਰਯੋਗ ਹੈ ਕਿ ਪਿਛਲੀ ਵਾਰ ਨਰਮੇ ਦੀ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਸਬੰਧੀ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਪਾਲਿਸੀ ਬਣਾਈ ਸੀ। ਜਿਸ ਕਾਰਨ ਮੁਆਵਜ਼ਾ ਲੇਟ ਹੋ ਗਿਆ ਹੈ ਅਤੇ ਜਲਦ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਕਣਕ ਦੀ ਫਸਲ ਤੇ ਹੋਈ ਗੜ੍ਹੇਮਾਰੀ ਦਾ ਮੁਆਵਜ਼ਾ ਕਿਸਾਨਾਂ ਨੂੰ ਨਾ ਮਿਲਣ ਦੇ ਸਵਾਲ ਤੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਤੱਕ ਮੁਆਵਜ਼ਾ ਦੇ ਦਿੱਤਾ ਜਾਵੇਗਾ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜਿਨ੍ਹਾਂ ਵੀ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਮੁਆਵਜ਼ਾ ਦਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਪੰਚ ਅਤੇ ਵਿਧਾਇਕ ਆਪਣੇ ਚਹੇਤਿਆਂ ਨੂੰ ਮੁਆਵਜ਼ਾ ਦੇ ਜਾਂਦੇ ਸਨ। ਪਰ ਯੋਗ ਕਿਸਾਨ ਰਹਿ ਜਾਂਦੇ ਸਨ ਪਰ ਹੁਣ ਸਾਡੀ ਸਰਕਾਰ ਦੇ ਵਿੱਚ ਅਜਿਹਾ ਨਹੀਂ ਜਿਨ੍ਹਾਂ ਵੀ ਕਿਸਾਨਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਤੱਕ ਮੁਆਵਜਾ ਜਾਵੇਗਾ ।