ਮਾਨਸਾ: ਆਲ ਇੰਡੀਆ ਟਰੇਡ ਯੂਨੀਅਨਾਂ ਨੇ ਸ਼ੁੱਕਰਵਾਰ ਨੂੰ ਅਨਾਜ ਮੰਡੀ 'ਚ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪਾਸ ਕੀਤੇ ਤਿੰਨਾਂ ਆਰਡੀਨੈਂਸ ਨੂੰ ਵਾਪਸ ਲੈਣ, ਤੇਲ ਦੀਆਂ ਵਧੀਆਂ ਕੀਮਤਾਂ ਨੂੰ ਵਾਪਸ ਲੈਣ ਤੇ ਅਣਐਲਾਨੀ ਐਮਰਜੈਂਸੀ ਨੂੰ ਵਾਪਸ ਲੈਣ ਲਈ ਕੀਤਾ। ਇਸ ਦੇ ਨਾਲ ਹੀ ਆਲ ਟਰੇਡ ਯੂਨੀਅਨ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਪਾਸ ਕੀਤੇ ਆਰਡੀਨੈਂਸ ਨੂੰ ਵਾਪਸ ਨਾ ਲਿਆ ਤਾਂ ਉਹ 27 ਜੁਲਾਈ ਨੂੰ ਅਕਾਲੀ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਰਨਗੇ।
ਆਲ ਟਰੇਡ ਯੂਨੀਅਨ ਦੇ ਆਗੂ ਕਾਮਰੇਡ ਰਾਜਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਇਨ੍ਹਾਂ 3 ਆਰਡੀਨੈਂਸ ਦੇ ਵਿਰੋਧ 'ਚ ਅੱਜ ਪੂਰੇ ਹਿੰਦੋਸਤਾਨ ਵਿੱਚ ਟਰੇਡ ਯੂਨੀਅਨਾਂ ਵੱਲੋਂ ਹੜਤਾਲ ਕਰਕੇ ਭਾਜਪਾ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਅਕਾਲੀ ਭਾਜਪਾ ਗੱਠਜੋੜ ਮੋਦੀ ਦੀ ਸਰਕਾਰ ਨੇ ਤਿੰਨ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਪਾਸ ਕੀਤਾ ਹੈ ਉਸ ਨੂੰ ਵਾਪਸ ਲਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੀਬੀ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਦੀ ਕੁਰਸੀ ਨੂੰ ਛੱਡ ਕੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਨਾ ਚਹੀਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਸੰਕਟ ਭਰੇ ਸਮੇਂ 'ਚ ਜਿੱਥੇ ਸਰਕਾਰ ਨੂੰ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਸੀ ਉਥੇ ਹੀ ਸਰਕਾਰ ਤੇਲ ਦੀਆਂ ਕੀਮਤਾਂ ਵਿੱਚ ਨਿੱਤ ਵਾਧਾ ਕਰ ਰਹੀ ਹੈ। ਜਦਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਘੱਟ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਹਨ ਤੇ ਮੋਦੀ ਸਰਕਾਰ ਵੱਲੋਂ ਅਜਿਹੇ ਕਰਕੇ ਲੋਕਾਂ 'ਤੇ ਹੋਰ ਬੋਝ ਪਾਇਆ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਜਿਨ੍ਹੇ ਪੈਸੇ ਤੇਲ ਦੀਆਂ ਕੀਮਤਾਂ 'ਚ ਵਧਾਏ ਹਨ ਉਨ੍ਹਾਂ ਨੂੰ ਵਾਪਸ ਲਿਆ ਜਾਵੇ।
ਪੰਜਾਬ ਕਿਸਾਨ ਯੂਨੀਅਨ ਦੇ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਅੱਜ ਜਿੱਥੇ ਵੱਖ-ਵੱਖ ਧਾਰਮਿਕ ਸਥਾਨ ਖੋਲ੍ਹੇ ਜਾ ਰਹੇ ਹਨ ਉੱਥੇ ਹੀ ਲੋਕਾਂ ਨੂੰ ਆਪਣੀਆਂ ਮੰਗਾਂ ਦੇ ਲਈ ਪ੍ਰਦਰਸ਼ਨ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜਾ ਸਰਕਾਰ ਆਮ ਲੋਕਾਂ 'ਤੇ ਪਾਬੰਦੀ ਲਗਾ ਰਹੀ ਹੈ ਉਸ ਨੂੰ ਵੀ ਬੰਦ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪਾਸ ਕੀਤੇ ਆਰਡੀਨੈਂਸ ਨੂੰ ਵਾਪਸ ਨਾ ਲਿਆ ਤਾਂ ਉਹ 27 ਜੁਲਾਈ ਨੂੰ ਅਕਾਲੀ ਭਾਜਪਾ ਆਗੂਆਂ ਦੇ ਘਰ ਦਾ ਘਿਰਾਓ ਕਰਨਗੇ।
ਇਹ ਵੀ ਪੜ੍ਹੋ:ਸਿਮਰਜੀਤ ਬੈਂਸ ਨੇ ਅਨੁਪਮ ਖੇਰ 'ਤੇ ਮਾਮਲਾ ਦਰਜ ਕਰਨ ਦੀ ਕੀਤੀ ਮੰਗ