ਮਾਨਸਾ: ਜ਼ਿਲ੍ਹੇ ਦੇ ਰਹਿਣ ਵਾਲੇ 2 ਨੌਜਵਾਨਾਂ ਦੀ ਹਰਿਆਣਾ ਦੇ ਪਿੰਡ ਰੋੜੀ 'ਚ ਨਸ਼ੇ ਦੇ ਕਾਰਨ ਮੌਤ ਹੋ ਗਈ। ਮ੍ਰਿਤਕ ਦਾ ਪਰਿਵਾਰ ਇਨ੍ਹਾਂ ਦੀ ਮੌਤ ਲਈ ਰੋੜੀ ਦੇ ਰਹਿਣ ਵਾਲੇ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾ ਰਿਹਾ ਹੈ। ਜਿਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਰੋੜੀ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੇਸ਼ ਭਰ ਵਿੱਚ ਤਾਲਾਬੰਦੀ ਅਤੇ ਕਰਫਿਊ ਦੇ ਬਾਵਜੂਦ ਮਾਨਸਾ ਜ਼ਿਲ੍ਹੇ ਦੇ 2 ਨੌਜਵਾਨ ਅੰਮ੍ਰਿਤਪਾਲ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ਤੇ ਹਰਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਹਰਿਆਣਾ ਦੀ ਪਿੰਡ ਰੋੜੀ ਵਿੱਚ ਨਸ਼ੇ ਕਾਰਨ ਮੌਤ ਹੋ ਗਈ। ਮਰਨ ਵਾਲੇ ਹਰਪ੍ਰੀਤ ਸਿੰਘ ਦੇ ਭਰਾ ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਕਰਫਿਊ ਦੇ ਕਾਰਨ ਵਿਦੇਸ਼ ਨਹੀਂ ਜਾ ਸਕਿਆ। ਉਸ ਨੇ ਦੱਸਿਆ ਕਿ ਇਹ ਦੋਨੋਂ ਹਰਿਆਣਾ ਦੇ ਪਿੰਡ ਰੋੜੀ ਗਏ ਸਨ ਅਤੇ ਉਥੇ ਨਸ਼ੇ ਦਾ ਸੇਵਨ ਕਰ ਲਿਆ, ਜਿਸ ਦੇ ਕਾਰਨ ਇਨ੍ਹਾਂ ਦੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਕਰਫਿਊ ਦੇ ਕਾਰਨ ਲੋਕ ਰੋਟੀ ਦੇ ਲਈ ਪ੍ਰੇਸ਼ਾਨ ਹਨ ਪਰ ਨਸ਼ੇ ਦੀ ਵਿਕਰੀ ਆਮ ਹੋ ਰਹੀ ਹੈ। ਉਨ੍ਹਾਂ ਇਨਸਾਫ ਦੀ ਮੰਗ ਕਰਦੇ ਹੋਏ ਨਸ਼ਾ ਵੇਚਣ ਵਾਲਿਆਂ 'ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਰੋੜੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਰੋੜੀ ਦੇ ਸੁਰਿੰਦਰ ਸਿੰਘ ਕੋਲ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਗਏ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਸੁਰਿੰਦਰ ਪਾਲ ਸਿੰਘ ਜੋ ਮਾਨਸਾ ਪੁਲਿਸ ਦੇ ਕਰਮਚਾਰੀ ਹਨ 'ਤੇ ਉਨ੍ਹਾਂ ਨੇ ਦੋਸ਼ ਲਗਾਇਆ ਹੈ ਕਿ ਉਸ ਦੇ ਪਰਿਵਾਰ ਨੇ ਇਨ੍ਹਾਂ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਹੈ, ਜਿਸ ਕਾਰਨ ਨੌਜਵਾਨਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਖਿਲਾਫ਼ ਆਈਪੀਸੀ ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਦੋਨਾਂ ਮ੍ਰਿਤਕਾਂ ਦਾ ਸਰਦੂਲਗੜ੍ਹ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।