ਮਾਨਸਾ: ਯੂਟੀ ਮੁਲਾਜ਼ਮ ਯੂਨੀਅਨ ਵੱਲੋਂ ਜ਼ਿਲ੍ਹਾ ਕਚਹਿਰੀ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਟੀ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਇਹ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਵੱਡੀ ਗਿਣਤੀ 'ਚ ਵੱਖ-ਵੱਖ ਵਿਭਾਗ ਦੇ ਮੁਲਾਜ਼ਮਾਂ, ਸਿਹਤ ਕਰਮਚਾਰੀਆਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਪ੍ਰਦਰਸ਼ਨਕਾਰੀ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ।
ਯੂਟੀ ਮੁਲਾਜ਼ਮ ਯੂਨੀਅਨ ਦੇ ਆਗੂ ਜਗਜੀਵਨ ਸਿੰਘ ਨੇ ਕਿਹਾ ਕਿ ਸੱਤਾ 'ਚੋਂ ਆਉਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਇਨ੍ਹਾਂ 'ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਵਿਡ ਕਾਲ 'ਚ ਮੁਲਾਜ਼ਮ ਪੂਰੀ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸਮੇਂ 'ਤੇ ਤਨਖਾਹਾਂ ਨਹੀਂ ਮਿਲ ਰਹੀਆਂ। ਜਿਸ ਕਾਰਨ ਉਹ ਬੇਹਦ ਪਰੇਸ਼ਾਨ ਹਨ। ਜਗਜੀਵਨ ਸਿੰਘ ਨੇ ਕਿਹਾ ਨਵੀਆਂ ਅਸਾਮੀਆਂ ਕੱਢਣ ਦੀ ਬਜਾਏ ਪਹਿਲਾਂ ਸਰਕਾਰ ਕੱਚੇ ਕਾਮਿਆਂ ਨੂੰ ਪੱਕਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਪੰਜ ਸਾਲ ਬਾਅਦ ਪੇਅ ਕਮਿਸ਼ਨ ਤੇ ਡੀਏ ਲਾਗੂ ਹੁੰਦਾ ਹੈ, ਪਰ ਕੈਪਟਨ ਸਰਕਾਰ ਵੱਲੋਂ ਪੇਅ ਕਮਿਸ਼ਨ ਲਾਗੂ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਲਗਾਤਾਰ ਮੁਲਾਜ਼ਮਾਂ ਦੇ ਪੇਅ ਕਮਿਸ਼ਨ ਤੇ ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਵਿੱਚ ਟਾਲ ਮਟੋਲ ਕਰ ਰਹੀ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਯੂਟੀ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ ਕਿਉਂਕਿ ਸੂਬਾ ਸਰਕਾਰ ਵੱਲੋਂ ਆਸ਼ਾ ਵਰਕਰਾਂ, ਮੀਡ ਡੇ ਮੀਲ ਵਰਕਰਸ ਤੇ ਸਿਹਤ ਵਿਭਾਗ 'ਚ ਆਪਣੀਆਂ ਸੇਵਾਵਾਂ ਦੇ ਰਹੇ ਦਰਜਾ ਚਾਰ ਦੇ ਮੁਲਾਜ਼ਮਾਂ ਨੂੰ ਬਣਦਾ ਭੱਤਾ ਨਹੀਂ ਦੇ ਰਹੀ। ਸਿਹਤ ਵਿਭਾਗ ਦੇ ਮੁਲਾਜ਼ਮ ਆਗੂ ਕੇਵਲ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕਾਈਆਂ ਜਾ ਰਹੀਆਂ ਹਨ ਜਿਸ ਦੇ ਲਈ ਉਹ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।
ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਤੋਂ ਸਾਰੇ ਹੀ ਵਿਭਾਗਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸਰਕਾਰੀ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹਾਂ ਦੇਣ ਤੇ ਡੀਏ ਦੀਆਂ ਕਿਸ਼ਤਾਂ ਬਹਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਮੰਗਾਂ ਨਾ ਮੰਨੇ ਜਾਣ 'ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।