ਮਾਨਸਾ: ਸਿਵਲ ਹਸਪਤਾਲ ਵਿੱਚ ਰਿਸ਼ਵਤਖੋਰੀ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਸ਼ੋਕ ਕੁਮਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਸਿਵਲ ਹਸਪਤਾਲ ਵਿੱਚ ਮੋਟੀ ਰਿਸ਼ਵਤ ਵਸੂਲ ਕਰਕੇ ਫਰਜ਼ੀ ਡੋਪ ਟੈਸਟ, ਫਰਜ਼ੀ ਅੰਗਹੀਣ ਸਰਟੀਫਿਕੇਟ, ਐਸਐਲਆਰ ਨੂੰ ਬਦਲਣ ਦੇ ਦੋਸ਼ ਤਹਿਤ ਵਿਜੀਲੈਂਸ ਵਿਭਾਗ ਦੀ ਟੀਮ ਨੇ ਹਸਪਤਾਲ ਦੇ ਸਰਕਾਰੀ ਕਰਮਚਾਰੀਆਂ ਸਮੇਤ ਪ੍ਰਾਈਵੇਟ ਕਰਮਚਾਰੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਜ ਵਿਭਾਗ ਦੇ ਐਸਐਸਪੀ ਪਰਮਜੀਤ ਸਿੰਘ ਵਿਰਕ ਨੇ ਦੱਸਿਆ ਕਿ ਇਸ ਮਾਮਲੇ ਵਿੱਚ 9 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਅਸ਼ੋਕ ਕੁਮਾਰ ਸਮੇਤ ਹੁਣ ਤੱਕ 7 ਵਿਅਕਤੀਆਂ ਦੀ ਗ੍ਰਿਫਤਾਰੀ ਕੀਤੀ ਜਾ ਚੁੱਕੀ ਹੈ ਅਤੇ 2 ਵਿਅਕਤੀ ਫਰਾਰ ਹਨ। ਉਨ੍ਹਾਂ ਕਿਹਾ ਕਿ ਫਰਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਭਾਲ ਜਾਰੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਪਿਓ ਤੇ ਪੁੱਤ ਉੱਤੇ ਕਹਿਰ ਬਣ ਕੇ ਆਇਆ ਮੀਂਹ, ਕਰੰਟ ਲੱਗਣ ਕਾਰਨ ਹੋਈ ਮੌਤ
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਹੋਰ ਵੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਿਵੇਂ-ਜਿਵੇਂ ਹੋਰ ਮਾਮਲੇ ਸਾਹਮਣੇ ਆਉਣਗੇ, ਉਨ੍ਹਾਂ 'ਤੇ ਵੀ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਇੱਕ ਨਿੱਜੀ ਮੈਡੀਕਲ ਸਟੋਰ ਦਾ ਵੀ ਨਾਂਅ ਆਇਆ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵੱਲੋਂ ਪਿਛਲੇ ਕਈ ਸਾਲਾਂ ਤੋਂ ਇੱਕ ਹੀ ਮੈਡੀਕਲ ਸਟੋਰ ਤੋਂ ਦਵਾਈਆਂ ਲਈਆਂ ਜਾ ਰਹੀਆਂ ਹਨ।