ਮਾਨਸਾ: ਪੰਜਾਬ ਸਰਕਾਰ ਵੱਲੋਂ 10 ਅਪ੍ਰੈਲ ਤੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਆੜ੍ਹਤੀ ਵਰਗ ਵੱਲੋਂ ਹੜਤਾਲ 'ਤੇ ਜਾਣ ਕਾਰਨ ਮੰਡੀਆਂ ਵਿੱਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਕਿਸਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਮੰਡੀ ਵਿੱਚ ਕਣਕ ਲੈ ਕੇ ਆਏ ਹਨ, ਪਰ ਖਰੀਦ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਆ ਰਹੀ ਹੈ ਅਤੇ ਦੂਸਰਾ ਪਾਸੇ ਖੇਤਾਂ ਵਿੱਚ ਖੜ੍ਹੀ ਪੱਕੀ ਫਸਲ 'ਤੇ ਬੱਦਲ ਮੰਡਰਾ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਜਾਵੇ।
ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਸਿੱਧੀ ਅਦਾਇਗੀ ਦੇ ਚਲਦਿਆਂ ਆੜ੍ਹਤੀਆ ਵਰਗ ਵੱਲੋਂ ਦੋ ਦਿਨਾਂ ਦੀ ਹੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਸਰਕਾਰ ਵੱਲੋਂ ਫੈਸਲਾ ਆਵੇਗਾ, ਉਸ ਤੋਂ ਬਾਅਦ ਹੀ ਕਣਕ ਦੀ ਖਰੀਦ ਸ਼ੁਰੂ ਕੀਤੀ ਜਾਵੇਗੀ।
ਮਾਰਕੀਟ ਕਮੇਟੀ ਦੇ ਸਕੱਤਰ ਚਮਕੌਰ ਸਿੰਘ ਨੇ ਦੱਸਿਆ ਕਿ ਮੰਡੀ ਵਿੱਚ ਪ੍ਰਬੰਧ ਮੁਕੰਮਲ ਹਨ ਤੇ ਪੰਜਾਬ ਸਰਕਾਰ ਵੱਲੋਂ ਅੱਜ ਖ਼ਰੀਦ ਸ਼ੁਰੂ ਕਰਨੀ ਸੀ, ਪਰ ਆੜ੍ਹਤੀਆਂ ਦੀ ਹੜਤਾਲ ਕਾਰਨ ਖਰੀਦ ਸ਼ੁਰੂ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਜਦੋਂ ਹੜਤਾਲ ਖਤਮ ਹੋਵੇਗੀ ਤਾਂ ਖ਼ਰੀਦ ਸ਼ੁਰੂ ਹੋ ਜਾਵੇਗੀ।