ਮਾਨਸਾ: ਸਰਕਾਰੀ ਗੋਦਾਮਾਂ 'ਚ ਪਈ ਕਣਕ ਦੀ ਚੋਰੀ ਦੇ ਮਾਮਲੇ 'ਚ ਮਾਨਸਾ ਪੁਲਿਸ ਨੇ ਫੂਡ ਸਪਲਾਈ ਵਿਭਾਗ ਦੇ 2 ਇੰਸਪੈਕਟਰਾਂ ਤੇ ਕਰਮਚਾਰੀਆਂ ਸਮੇਤ 7 ਵਿਅਕਤੀਆਂ 'ਤੇ ਮਾਮਲਾ ਦਰਜ ਕਰਕੇ 184 ਬੋਰੀਆਂ ਕਣਕ ਅਤੇ ਟਰੈਕਟਰ ਟਰਾਲੀ ਨੂੰ ਕਬਜ਼ੇ ਵਿੱਚ ਲਿਆ ਹੈ।
ਪੁਲਿਸ ਨੇ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮਿਲ ਕੇ ਕਣਕ ਦੀ ਚੋਰੀ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਦਕਿ ਕੁੱਝ ਵਿਅਕਤੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।
ਐਸਐਸਪੀ ਡਾ. ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਤ ਦੇ ਸਮੇਂ ਸਰਕਾਰੀ ਏਜੰਸੀਆਂ ਦੇ ਗੋਦਾਮਾਂ 'ਚ ਪਈ ਕਣਕ ਨੂੰ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਬਾਹਰ ਕੱਢ ਕੇ ਕੁਝ ਪ੍ਰਾਈਵੇਟ ਬੰਦਿਆਂ ਦੀ ਮਦਦ ਨਾਲ ਵੇਚਿਆ ਜਾ ਰਿਹਾ ਹੈ। ਜਿਸ 'ਤੇ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕੁੱਝ ਵੱਡੇ ਅਧਿਕਾਰੀਆਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿੱਚ ਹੋਰ ਕੋਈ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।