ਮਾਨਸਾ: ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪ ’ਤੇ ਲਹਿਰਾਗਾਗਾ ਨੇੜਲੇ ਪਿੰਡ ਲੇਹਲ ਖ਼ੁਰਦ ਵਿਖੇ ਪਿਛਲੇ 108 ਦਿਨਾਂ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਹੋਏ ਹਨ। ਕਿਸਾਨ ਆਗੂ ਜਨਕ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਛੱਬੀ ਜਨਵਰੀ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੀਆਂ ਤਿਆਰੀਆਂ ਸਬੰਧੀ ਜਿੱਥੇ 20-21 ਜਨਵਰੀ ਨੂੰ ਟਰੈਕਟਰ ਮਾਰਚ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨ ਜਥੇਬੰਦੀ ਦੇ ਔਰਤ ਵਿੰਗ ਵੱਲੋਂ 18 ਜਨਵਰੀ ਨੂੰ ਕਿਸਾਨ ਸੰਘਰਸ਼ ਪ੍ਰਤੀ ਤਰ੍ਹਾਂ-ਤਰ੍ਹਾਂ ਦੇ ਬੇਤੁਕੇ ਬਿਆਨ ਦੇਣ ਵਾਲੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਅਤੇ ਹਰਜੀਤ ਸਿੰਘ ਗਰੇਵਾਲ ਦੀਆਂ ਰਿਹਾਇਸ਼ਾਂ ਦਾ ਘਿਰਾਓ ਵੀ ਕੀਤਾ ਗਿਆ।
ਸਰਕਾਰਾਂ ਹੀ ਕਿਸਾਨਾਂ ਦੀਆਂ ਅਸਲ ਕਾਤਲ: ਕਿਸਾਨ ਆਗੂ
ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲਗਾਤਾਰ ਹੋ ਰਹੀਆਂ ਸ਼ਹੀਦੀਆਂ ਦਾ ਸਰਕਾਰ ਨੂੰ ਕੋਈ ਫ਼ਿਕਰ ਜਾਂ ਦੁੱਖ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲੀਡਰਾਂ ਵੱਲੋਂ ਇਨ੍ਹਾਂ ਸ਼ਹੀਦਾਂ ਲਈ ਕਿਸਾਨ ਜਥੇਬੰਦੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਜਦਕਿ ਅਸਲ ਵਿੱਚ ਸਾਡੀਆਂ ਸਰਕਾਰਾਂ ਹੀ ਇਨ੍ਹਾਂ ਕਿਸਾਨਾਂ ਦੀਆਂ ਕਾਤਲ ਹਨ।
ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਕੀਤੇ ਜਾ ਰਹੇ ਹਨ ਪੰਜਾਬ ਸਰਕਾਰ ਵੱਲੋਂ ਝੂਠੇ ਪਰਚੇ
ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਪਿਛਲੇ ਸਮੇਂ ਤੋਂ ਸੰਘਰਸ਼ ਦਾ ਸਮਰਥਨ ਕਰ ਰਹੇ ਗੀਤਕਾਰਾਂ ਅਤੇ ਪੱਤਰਕਾਰਾਂ ਤੇ ਹੋ ਰਹੇ ਪਰਚਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਸੰਘਰਸ਼ ਦਾ ਸਮਰਥਨ ਕਰਨ ਵਾਲੇ ਹਰ ਇਨਸਾਨ ਨਾਲ ਡੱਟ ਕੇ ਖੜ੍ਹਨਗੀਆਂ।
ਮੀਟਿੰਗਾਂ ਦੇ ਚੱਕਰਾਂ ’ਚ ਪਾ ਕੇ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ ਕੇਂਦਰ ਸਰਕਾਰ
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮਸਲੇ ਦਾ ਹੱਲ ਨਹੀਂ ਕਰਨਾ ਚਾਹੁੰਦੀ ਬਲਕਿ ਮੀਟਿੰਗਾਂ ਦੇ ਚੱਕਰਾਂ ਵਿੱਚ ਪਾ ਕੇ ਸੰਘਰਸ਼ ਨੂੰ ਤਾਰਪੀਡੋ ਕਰਨਾ ਚਾਹੁੰਦੀ ਹੈ। ਕਿਸਾਨਾਂ ਵੱਲੋਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਸਰਕਾਰ ’ਤੇ ਦਬਾਅ ਬਣਾਇਆ ਗਿਆ ਹੈ ਅਤੇ ਇਹ ਅੰਦੋਲਨ ਜੋਸ਼ ਤੇ ਹੋਸ਼ ਨਾਲ ਲੜਦਿਆਂ ਕਿਸਾਨਾਂ ਦੀ ਵੱਡੀ ਜਿੱਤ ਹੋਵੇਗੀ।