ਮਾਨਸਾ: ਪੰਜਾਬ ਵਿੱਚ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਨਸ਼ੇ ਕਾਰਨ ਹੋ ਰਹੀਆਂ ਹਨ। ਪੰਜਾਬ ਦੇ ਲੋਕਾਂ ਨੇ ਵੱਡੇ ਵੱਡੇ ਦਾਅਵੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਦਾਅਵੇ ਕਰ ਰਹੀ ਹੈ ਕਿ ਪੰਜਾਬ ਵਿੱਚੋਂ ਨਸ਼ਾ ਖਤਮ ਕੀਤਾ ਜਾ ਰਿਹਾ ਹੈ ਪਰ ਹੈਰਾਨ ਤੇ ਪਰੇਸ਼ਾਨ ਕਰ ਦੇਣ ਵਾਲੀਆਂ ਤਸਵੀਰਾਂ ਹਰ ਰੋਜ਼ ਪੂਰੇ ਪੰਜਾਬ ਤੋਂ ਸਾਹਮਣੇ ਆ ਰਹੀਆਂ ਹਨ।
ਹੁਣ ਮਾਨਸਾ ਦੇ ਪਿੰਡ ਜੋਗਾ ਵਿੱਚ ਕੁਝ ਨੌਜਵਾਨਾਂ ਵੱਲੋਂ ਪੰਜਾਬ ਦੇ ਸਿਹਤ ਮੰਤਰੀ ਨੂੰ ਸ਼ਰ੍ਹੇਆਮ ਨਸ਼ੀਲਾ ਪਦਾਰਥ ਦਿਖਾ ਕੇ ਪੁਲਿਸ ਦੀ ਕਾਰਗੁਜਾਰੀ ਉੱਪਰ ਸਵਾਲ ਖੜ੍ਹੇ ਕੀਤੇ ਗਏ ਹਨ। ਨੌਜਵਾਨਾਂ ਨੇ ਸਿਹਤ ਮੰਤਰੀ ਨੂੰ ਵੀ ਘੇਰਦਿਆਂ ਕਿਹਾ ਕਿ ਸ਼ਰ੍ਹੇਆਮ ਇਲਾਕੇ ਵਿੱਚ ਨਸ਼ਾ ਵਿਕ ਰਿਹਾ ਹੈ ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ। ਨੌਜਾਵਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਨਸ਼ੇ ਨੂੰ ਲੈਕੇ ਉਨ੍ਹਾਂ ਨੂੰ ਵੀ ਫੋਨ ਉੱਪਰ ਜਾਣਕਾਰੀ ਦਿੱਤੀ ਗਈ ਸੀ ਪਰ ਫਿਰ ਵੀ ਉਨ੍ਹਾਂ ਵੱਲੋਂ ਕੁਝ ਵੀ ਨਹੀਂ ਕੀਤਾ ਗਿਆ।
ਨੌਜਵਾਨਾਂ ਵੱਲੋਂ ਨਸ਼ੇ ਨੂੰ ਲੈਕੇ ਚੁੱਕੇ ਇੰਨ੍ਹਾਂ ਸਵਾਲਾਂ ਤੋਂ ਬਾਅਦ ਸਿਹਤ ਮੰਤਰੀ ਵੱਲੋਂ ਸਟੇਜ ਉੱਪਰ ਆ ਕੇ ਪੁਲਿਸ ਦੀ ਕਲਾਸ ਲਗਾਈ ਗਈ। ਉਨ੍ਹਾਂ ਪੁਲਿਸ ਨੂੰ ਆਦੇਸ਼ ਦਿੱਤੇ ਹਨ ਕਿ ਜਲਦ ਤੋਂ ਜਲਦ ਇਲਾਕੇ ਵਿੱਚ ਨਸ਼ਾ ਤਸਕਰੀ ਦਾ ਧੰਦਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੇ ਕਿਹਾ ਕਿ ਉਹ ਪ੍ਰਸ਼ਾਸਨ ਨੂੰ ਹਫਤੇ ਦਾ ਸਮਾਂ ਦਿੰਦੇ ਹਨ ਅਤੇ ਇਸ ਸਮੇਂ ਅਜਿਹੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ: 22 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ