ਮੋਗਾ: ਆਮ ਆਦਮੀ ਪਾਰਟੀ ਵੱਲੋਂ 21 ਮਾਰਚ ਨੂੰ ਮੋਗਾ ਦੇ ਕਸਬਾ ਬਾਘਾਪੁਰਾਣਾ ਵਿੱਚ ਕਿਸਾਨ ਮਹਾਂ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮਹਾਂ ਸੰਮੇਲਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ।
ਉੱਥੇ ਹੀ ਆਪ ਦੀ ਪੰਜਾਬ ਲੀਡਰਸ਼ਿਪ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਨੂੰ ਇਸ ਮਹਾਂ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾ ਰਿਹਾ ਹੈ। ਆਪ ਲੀਡਰਸ਼ਿਪ ਵੱਲੋਂ ਹਲਕਾ ਪੱਧਰ ਤੇ ਇਸ ਮਹਾਂ ਸੰਮੇਲਨ ਨੂੰ ਲੈ ਕੇ ਤਿਆਰੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਆਪਣੇ ਆਪਣੇ ਹਲਕੇ ਤੋ ਵੱਧ ਤੋਂ ਵੱਧ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਬਾਘਾਪੁਰਾਣਾ ਲੈ ਕੇ ਜਾਣ ਲਈ ਰਣਨੀਤੀ ਬਣਾਈ ਜਾ ਰਹੀ ਹੈ।
ਰਾਜਨੀਤਕ ਗਲਿਆਰਿਆਂ ਵਿੱਚ ਤਾਂ ਚਰਚਾ ਇਹ ਹੈ ਕਿ ਆਮ ਆਦਮੀ ਪਾਰਟੀ ਇਸ ਮਹਾਂ ਸੰਮੇਲਨ ਦੀ ਆੜ ਵਿੱਚ ਸ਼ਕਤੀ ਪ੍ਰਦਰਸ਼ਨ ਕਰਕੇ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਾਉਣ ਜਾ ਰਹੀ ਹੈ।
ਇਸ ਮੌਕੇ ਈਟੀਵੀ ਭਾਰਤ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਮੋਗਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਵਦੀਪ ਸਿੰਘ ਸੰਘਾ ਨੇ ਕਿਹਾ ਕਿ 21 ਮਾਰਚ ਨੂੰ ਆਪ ਵੱਲੋਂ ਬਾਘਾ ਪੁਰਾਣਾ ਵਿੱਚ ਕਿਸਾਨ ਮਹਾਂ ਸੰਮੇਲਨ ਕਿਸਾਨੀ ਅਤੇ ਮਜ਼ਦੂਰਾਂ ਦੀ ਆਵਾਜ਼ ਬੁਲੰਦ ਕਰਨ ਲਈ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਵਿਚ ਕਿਸੇ ਵੀ ਤਰ੍ਹਾਂ ਦਾ ਸ਼ਕਤੀ ਪ੍ਰਦਰਸ਼ਨ ਜਾਂ ਵਿਧਾਨ ਸਭਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਨੂੰ ਲੈ ਕੇ ਕੈਪਟਨ ਸਰਕਾਰ ਵੱਲੋਂ ਲੋਕਾਂ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਰਹੀ ਹੈ ਜਦਕਿ ਬੀਤੇ ਦਿਨੀਂ ਹੀ ਉਨ੍ਹਾਂ ਦੀ ਆਪਣੀ ਪੋਤੀ ਦੇ ਵਿਆਹ ਦੇ ਵੱਡੀ ਗਿਣਤੀ ਵਿੱਚ ਲੋਕਾਂ ਦਾ ਇਕੱਠ ਹੋਣਾ ਅਤੇ ਪੰਜਾਬ ਸਮੇਤ ਭਾਰਤ ਦੇ ਵੱਖ ਵੱਖ ਪੰਜ ਰਾਜਾਂ ਵਿੱਚ ਭਾਜਪਾ ਵੱਲੋਂ ਵੱਡੀਆਂ ਚੁਣਾਵੀ ਰੈਲੀਆਂ ਕਰਨਾ ਸਾਬਤ ਕਰਦਾ ਹੈ ਕਿ ਕੋਰੋਨਾ ਦੀ ਬਿਮਾਰੀ ਨੂੰ ਲੈ ਕੇ ਕੇਵਲ ਲੋਕਾਂ ਵਿੱਚ ਦਹਿਸ਼ਤ ਪੈਦਾ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਹਾਂ ਸੰਮੇਲਨ ਦੇ ਆਯੋਜਨ ਨੂੰ ਲੈ ਕੇ ਪ੍ਰਸ਼ਾਸ਼ਨਿਕ ਕਾਰਵਾਈ ਅਤੇ ਲੋੜੀਂਦੀ ਕਾਰਵਾਈ ਪੂਰੀ ਕਰ ਦਿੱਤੀ ਗਈ ਹੈ।