ਮੋਗਾ: ਜ਼ਿਲ੍ਹੇ ਦੇ ਹਲਕਾ ਧਰਮਕੋਟ ਵਿਖੇ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਧਰਨੇ 'ਚ ਧਰਮਕੋਟ ਦੇ ਨਿਹਾਲ ਸਿੰਘ ਤੇ ਬਾਘਾ ਪੁਰਾਣਾ ਤੋਂ ਕਈ ਅਕਾਲੀ ਆਗੂਆਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਸੂਬੇ ਦੀ ਕਾਂਗਰਸ ਸਰਕਾਰ ਖ਼ਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਲੋੜਵੰਦ ਲੋਕਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦਿਆਂ ਕੈਪਟਨ ਸਰਕਾਰ ਨੂੰ ਸੂਬੇ 'ਚ ਪੂਰੀ ਤਰ੍ਹਾਂ ਫੇਲ੍ਹ ਦੱਸਿਆ।
ਇਸ ਮੌਕੇ ਇੱਕ ਲੋੜਵੰਦ ਵਿਅਕਤੀ ਅਨਮੋਲਕ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਬੇਟੀ ਦੇ ਵਿਆਹ ਦੇ ਸਮੇਂ ਸ਼ਗਨ ਸਕੀਮ ਦਾ ਫਾਰਮ ਭਰਿਆ ਸੀ। ਉਸ ਨੇ ਇਹ ਫਾਰਮ ਆਪਣੀ ਬੇਟੀ ਦੇ ਵਿਆਹ ਤੋਂ ਪਹਿਲਾਂ ਭਰਿਆ ਸੀ ਤਾਂ ਜੋ ਉਨ੍ਹਾਂ ਨੂੰ ਆਰਥਿਕ ਮਦਦ ਮਿਲ ਸਕੇ। ਬੇਟੀ ਦੇ ਵਿਆਹ ਨੂੰ ਇੱਕ ਸਾਲ ਬੀਤ ਜਾਣ ਮਗਰੋਂ ਵੀ ਉਨ੍ਹਾਂ ਸ਼ਗਨ ਸਕੀਮ ਦਾ ਕੋਈ ਲਾਭ ਨਹੀਂ ਮਿਲਿਆ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਸਰਕਾਰੀ ਦਫਤਰਾਂ ਦੇ ਚੱਕਰ ਕੱਟ ਰਿਹਾ ਹੈ, ਪਰ ਉਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਹੈ।
ਇਸ ਰੋਸ ਪ੍ਰਦਰਸ਼ਨ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਧਰਮਕੋਟ ਦੇ ਸਰਕਲ ਪ੍ਰਧਾਨ ਗੁਰਦੇਵ ਸਿੰਘ ਭੋਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਸੂਬੇ 'ਚ ਪੂਰੀ ਤਰ੍ਹਾਂ ਫੇਲ ਰਹੀ ਹੈ। ਇਸ ਲਈ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੀ ਲੋਕ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦ ਤੋਂ ਸੂਬੇ 'ਚ ਕੈਪਟਨ ਸਰਕਾਰ ਆਈ ਹੈ, ਉਦੋਂ ਤੋਂ ਹਰ ਵਰਗ ਦੇ ਲੋਕ ਪਰੇਸ਼ਾਨ ਹਨ। ਲੌਕਡਾਊਨ ਦੌਰਾਨ ਲੋੜਵੰਦ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਸੂਬਾ ਸਰਕਾਰ ਨੇ ਲੋੜਵੰਦਾਂ ਦੀ ਮਦਦ ਕਰਨ ਦੀ ਥਾਂ ਨੀਲੇ ਕਾਰਡ ਧਾਰਕਾਂ ਤੇ ਗ਼ਰੀਬ ਲੋਕਾਂ ਦੇ ਰਾਸ਼ਨ ਕਾਰਡ ਵੀ ਕੱਟ ਦਿੱਤੇ ਹਨ, ਜਿਸ ਕਾਰਨ ਉਹ ਸਰਕਾਰੀ ਰਾਸ਼ਨ ਤੋਂ ਵਾਂਝੇ ਹੋ ਗਏ।
ਇਸ ਤੋਂ ਇਲਾਵਾ ਗੁਰਦੇਵ ਸਿੰਘ ਨੇ ਦਲਿਤ ਬੱਚਿਆਂ ਦੀਆਂ ਫੀਸਾਂ ਤੇ ਆਨਲਾਈਨ ਪੜ੍ਹਾਈ ਸਬੰਧੀ ਵੀ ਕਈ ਮੁੱਦੇ ਚੁੱਕੇ। ਉਨ੍ਹਾਂ ਕਿਹਾ ਕਿ ਅਜੇ ਤੱਕ ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜੀਫੇ ਦੀ ਰਕਮ ਉਨ੍ਹਾਂ ਨੂੰ ਨਹੀਂ ਦਿੱਤੀ ਗਈ, ਜਿਸ ਕਾਰਨ ਉਹ ਪੜ੍ਹਾਈ ਪੂਰੀ ਨਹੀਂ ਕਰ ਪਾ ਰਹੇ। ਗੁਰਦੇਵ ਸਿੰਘ ਨੇ ਕਿਹਾ ਸੱਤਾ 'ਚ ਆਉਣ ਲਈ ਕੈਪਟਨ ਸਰਕਾਰ ਨੇ ਸ਼ਗਨ ਸਕੀਮ ਦੀ ਰਕਮ 15 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਕਰਨ ਦੀ ਗੱਲ ਆਖੀ ਸੀ, ਪਰ ਹਕੀਕਤ ਇਹ ਹੈ ਕਿ ਪੰਜਾਬ ਸਰਕਾਰ ਨੇ 51 ਹਜ਼ਾਰ ਸ਼ਗਨ ਸਕੀਮ ਦੇਣ ਦੀ ਥਾਂ ਪਿਛਲੀ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਸ਼ਗਨ ਸਕੀਮ ਦੀ ਰਕਮ ਵੀ ਨਹੀਂ ਦੇ ਰਹੀ।