ਮੋਗਾ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਦਾ ਵਿਰੋਧ ਪੰਜਾਬ ਵਿੱਚ ਭਖਿਆ ਹੋਇਆ ਹੈ ਤੇ ਭਾਜਪਾ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਿੱਥੇ ਭਾਜਪਾ ਦੀਆਂ ਵਿਰੋਧੀ ਪਾਰਟੀਆਂ ਕਿਸਾਨਾਂ ਦੀ ਹਿਮਾਇਤ ਕਰ ਰਹੀਆਂ ਹਨ ਉਥੇ ਹੀ ਹੁਣ ਭਾਜਪਾ ਦੇ ਆਪਣੇ ਹੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਕਿਸਾਨਾਂ ਦੇ ਹੱਕ ਵਿੱਚ ਖੜੇ ਹੋ ਰਹੇ ਹਨ। ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਭਾਜਪਾ ਦੇ ਕਈ ਆਗੂਆਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਜਿਨ੍ਹਾਂ 'ਚ ਤਰਲੋਚਨ ਸਿੰਘ ਦਾ ਨਾਂਅ ਵੀ ਸ਼ਾਮਲ ਹੈ। ਤਰਲੋਚਨ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਣ ਦੀ ਗੱਲ ਆਖੀ ਹੈ।
ਭਾਜਪਾ ਆਗੂ ਤਰਲੋਚਨ ਸਿੰਘ ਨੇ ਕਿਹਾ ਕਿ ਕਿਸਾਨ ਜਥੇਬੰਦੀ ਪਿਛਲੇ 12 ਦਿਨਾਂ ਤੋਂ ਉਨ੍ਹਾਂ ਦੇ ਘਰ ਦਾ ਘਿਰਾਓ ਕਰ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਉਨ੍ਹਾਂ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਕਿਸੇ ਨੇ ਉਨ੍ਹਾਂ ਦੀ ਗੱਲ ਉੱਤੇ ਗੌਰ ਨਹੀਂ ਕੀਤਾ। ਉਸ ਤੋਂ ਬਾਅਦ ਬੀਤੀ ਦਿਨੀਂ ਜੇਪੀ ਨੱਡਾ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਵਿਚੋਲੀਆ ਦੱਸਿਆ। ਜੋ ਕਿ ਬਹੁਤ ਹੀ ਦੁੱਖ ਦੀ ਗੱਲ ਹੈ। ਉਨ੍ਹਾਂ ਕਿਹਾ ਕਿ 1965 ਵਿੱਚ ਜਦੋਂ ਦੇਸ਼ ਵਿੱਚ ਭੁੱਖਮਰੀ ਦੀ ਸਥਿਤੀ ਹੋਈ ਸੀ ਉਸ ਵੇਲੇ ਪੰਜਾਬ ਹਰਿਆਣਾ ਦੇ ਕਿਸਾਨਾਂ ਨੇ ਹੀ ਪੂਰੇ ਦੇਸ਼ ਵਾਸੀਆਂ ਦਾ ਢਿੱਡ ਭਰਿਆ ਸੀ। ਹੁਣ ਕੇਂਦਰ ਦੀ ਸਰਕਾਰ ਉਹ ਸਭ ਕੁਝ ਭੁੱਲ ਗਈ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਇਸ ਵੇਲੇ ਚਾਹੀਦਾ ਸੀ ਕਿ ਉਹ ਕਿਸਾਨਾਂ ਦੇ ਨਾਲ ਬੈਠ ਕੇ ਇਸ ਮੁੱਦੇ ਉੱਤੇ ਗੱਲਬਾਤ ਕਰਦੇ ਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਂਦੇ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੋ ਰਿਹਾ ਹੈ ਕਿ ਕੇਂਦਰ ਦੀ ਸਰਕਾਰ ਕਿਸਾਨਾਂ ਲਈ ਕਿਸਾਨ ਮਾਰੂ ਖੇਤੀ ਕਾਨੂੰਨ ਲੈ ਕੇ ਆ ਰਹੀ ਹੈ ਜਿਸ ਦੇ ਚੱਲਦਿਆਂ ਉਨ੍ਹਾਂ ਨੇ ਭਾਜਪਾ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਹ ਸਮੂਹ ਕਿਸਾਨ ਜਥੇਬੰਦੀਆਂ ਦੇ ਨਾਲ ਮਿਲ ਕੇ ਕੇਂਦਰ ਸਰਕਾਰ ਦੇ ਇਸ ਕਾਨੂੰਨ ਦੇ ਖ਼ਿਲਾਫ਼ ਸੰਘਰਸ਼ ਕਰਨਗੇ ਅਤੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਇਨ੍ਹਾਂ ਕਾਨੂੰਨਾਂ ਦਾ ਡੱਟ ਕੇ ਵਿਰੋਧ ਕਰਨਗੇ।