ਚੰਡੀਗੜ੍ਹ : ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਮਾਣਹਾਨੀ ਦੇ ਕੇਸ ਵਿਚ ਅੱਜ ਮੋਗਾ ਅਦਾਲਤ ਵਿਚ ਪੇਸ਼ ਹੋਏ। ਹਾਲਾਂਕਿ ਮੰਤਰੀ ਨੂੰ ਇਸ ਮਾਮਲੇ ਵਿਚ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ। ਕੇਸ ਦੀ ਅਗਲੀ ਸੁਣਵਾਈ 31 ਮਾਰਚ ਨੂੰ ਹੋਵੇਗੀ। ਇਹ ਕੇਸ ਕਾਂਗਰਸ ਦੇ ਸਾਬਕਾ ਵਿਧਾਇਕ ਹਰਜੋਤ ਕਮਲ ਵੱਲੋਂ ਦਰਜ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਜੂਨ 2020 ਵਿੱਚ ਜਦੋਂ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਸੀ, ਉਸ ਸਮੇਂ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਵਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕਰਕੇ ਵਿਧਾਨ ਸਭਾ ਹਲਕਾ ਮੋਗਾ ਦੇ ਸਾਬਕਾ ਵਿਧਾਇਕ ਡਾ. ਹਰਜੋਤ ਕਮਲ 'ਤੇ 100 ਕਰੋੜ ਰੁਪਏ ਦੇ ਘਪਲੇ ਦੇ ਇਲਜ਼ਾਮ ਲਗਾਏ ਸੀ। ਜਿਸ ਤੋਂ ਬਾਅਦ ਹਰਜੋਤ ਕਮਲ ਵਲੋਂ ਮਾਨਯੋਗ ਅਦਾਲਤ ਵਿੱਚ ਮਾਣਹਾਨੀ ਤਹਿਤ ਪਟੀਸ਼ਨ ਦਾਇਰ ਕਰਵਾਈ ਗਈ ਸੀ, ਇਸ ਵਿੱਚ ਪੇਸ਼ ਹੋਣ ਲਈ ਅੱਜ ਕੈਬਨਿਟ ਮੰਤਰੀ ਹਰਪਾਲ ਚੀਮਾ ਮੋਗਾ ਪੁੱਜੇ ਸਨ। ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਮੀਡੀਆ ਨੂੰ ਦੱਸਿਆ ਕਿ ਉਨ੍ਹਾਂ ਨੂੰ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਗਏ ਹਨ। ਇਸ ਕਾਰਨ ਉਹ ਅੱਜ ਅਦਾਲਤ ਵਿੱਚ ਪੇਸ਼ ਹੋਏ ਹਨ। ਜਦੋਂ ਉਨ੍ਹਾਂ ਨੂੰ ਮਾਮਲੇ ਦੀ ਸੱਚਾਈ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਇਹ ਕਹਿ ਕੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਕਿ ਮਾਮਲਾ ਵਿਚਾਰ ਅਧੀਨ ਹੈ।
ਇਹ ਵੀ ਪੜ੍ਹੋ : Mobile Recovered Faridkot Jail: ਇੱਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਫਰੀਦਕੋਟ ਜੇਲ੍ਹ, ਮੋਬਾਈਲ ਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ
ਮਾਮਲੇ ਵਿੱਚ ਸ਼ਿਕਾਇਤਕਰਤਾ ਹਨ ਸਬਾਕਾ ਵਿਧਾਇਕ ਕਮਲ: ਹਰਜੋਤ ਕਮਲ ਦੇ ਵਕੀਲ ਹਰਦੀਪ ਲੋਧੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਪਾਲ ਚੀਮਾ ਦੇ ਵਲੋਂ ਜੂਨ 2020 ਵਿੱਚ ਉਨ੍ਹਾਂ ਦੇ ਕਲਾਇੰਟ ਸਾਬਕਾ ਵਿਧਾਇਕ ਹਰਜੋਤ ਕਮਲ ਦੇ ਖਿਲਾਫ ਪ੍ਰੈੱਸ ਕਾਨਫਰੰਸ ਕਰ ਕੇ, ਮੋਗਾ ਤੋਂ ਨਿਕਲਣ ਵਾਲੇ ਰਾਸ਼ਟਰੀ ਰਾਜ ਮਾਰਗ 'ਤੇ 100 ਕਰੋੜ ਰੁਪਏ ਦੇ ਗਬਨ ਦੇ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਹਰਜੋਤ ਕਮਲ ਵਲੋਂ ਹਰਪਾਲ ਚੀਮਾ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਗਿਆ ਸੀ। ਪਰ ਹਰਪਾਲ ਚੀਮਾ ਵੱਲੋਂ ਇਸ ਵੱਲ ਧਿਆਨ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਇਹ ਮਾਮਲਾ ਅਦਾਲਤ ਵਿੱਚ ਚੁੱਕਿਆ ਗਿਆ। ਇਸ ਵਿੱਚ ਚੀਮਾ ਪੇਸ਼ੀ ਭੁਗਤਨ ਮੋਗਾ ਪਹੁੰਚੇ ਸਨ। ਐਡਵੋਕੇਟ ਹਰਦੀਪ ਲੋਧੀ ਨੇ ਦੱਸਿਆ ਕਿ ਅਦਾਲਤ ਵੱਲੋਂ ਹਰਪਾਲ ਸੀਮਾ ਨੂੰ ਜ਼ਮਾਨਤ ਪਹਿਲਾਂ ਹੀ ਦਿੱਤੀ ਗਈ ਹੈ ਅਤੇ ਕੇਸ ਦੀ ਅਗਲੀ ਤਰੀਕ 31 ਮਾਰਚ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ : Bageshwar Dham Dhirendra Shastri: ਬਗੇਸ਼ਵਰ ਧਾਮ ਦੇ ਧੀਰੇਂਦਰ ਸ਼ਾਸਤਰੀ ਨੂੰ ਇਸ ਸੰਸਥਾ ਨੇ ਦਿੱਤੀ ਵੱਡੀ ਚੁਣੌਤੀ, ਜਾਣੋ ਕੀ
ਮੀਡੀਆ ਦੇ ਮੁਖਾਤਿਬ ਹੋਏ ਹਰਪਾਲ ਚੀਮਾ : ਇਸ ਦੌਰਾਨ ਮੀਡੀਆ ਦੇ ਜਾਣਕਾਰੀ ਦਿੰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ਦੀ ਨਵੀਂ ਸ਼ਰਾਬ ਨੀਤੀ ਨੂੰ ਸਹੀ ਠਹਿਰਾਉਂਦੇ ਹੋਏ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਆਬਕਾਰੀ ਨੀਤੀ ਨਾਲ ਸੂਬੇ ਦਾ ਮਾਲੀਆ 45 ਫੀਸਦੀ ਵਧਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਵਿਜੀਲੈਂਸ ਵਿਭਾਗ ਵੱਲੋਂ ਪੰਜਾਬ ਵਿੱਚ ਕੀਤੀ ਜਾ ਰਹੀ ਕਾਰਵਾਈ ਨੂੰ ਵੀ ਜਾਇਜ਼ ਠਹਿਰਾਇਆ। ਉਨ੍ਹਾਂ ਕਿਹਾ ਕਿ ਵਿਰੋਧੀ ਸਿਆਸੀ ਲੋਕ ਸਰਕਾਰ 'ਤੇ ਬਦਲੇ ਦੀ ਭਾਵਨਾ ਨਾਲ ਕੰਮ ਕਰਨ ਦੇ ਦੋਸ਼ ਲਗਾ ਰਹੇ ਹਨ। ਕਿਉਂਕਿ ਉਨ੍ਹਾਂ ਦੀ ਸਰਕਾਰ 'ਆਪ' ਦੇ ਭ੍ਰਿਸ਼ਟ ਲੋਕਾਂ ਨੂੰ ਵੀ ਸਲਾਖਾਂ ਪਿੱਛੇ ਡੱਕ ਰਹੀ ਹੈ। ਇਸ ਦੇ ਨਾਲ ਹੀ ਹਰਪਾਲ ਚੀਮਾ ਨੇ ਪੰਜਾਬ 'ਚ ਇੱਕ ਸਾਲ ਪੂਰਾ ਹੋਣ 'ਤੇ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦੇ ਹੋਏ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਥੋੜ੍ਹੇ ਸਮੇਂ 'ਚ ਜ਼ਿਆਦਾਤਰ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਭਰੋਸਾ ਦਿੱਤਾ ਕਿ ਜਲਦੀ ਹੀ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਵੀ ਪੂਰੀ ਕੀਤੀ ਜਾਵੇਗੀ।