ਮੋਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਵਿੱਚ ਅੱਤਵਾਦੀ ਹਮਲੇ ਵਿੱਚ ਸ਼ਹਾਦਤ ਪਾਉਣ ਵਾਲੇ ਸਾਰੇ 4 ਫੌਜੀਆਂ ਦੇ ਘਰ ਤੱਕ ਪਹੁੰਚ ਕੀਤੀ। ਸੀਐੱਮ ਮਾਨ ਨੇ ਮੋਗਾ ਦੇ ਸ਼ਹੀਦ ਹੋਏ ਜਵਾਨ ਕੁਲਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਦੁੱਖ ਵੰਡਾਇਆ । ਇਸ ਮੌਕੇ ਜਿੱਥੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਉੱਥੇ ਹੀ ਸ਼ਹੀਦ ਦੀ ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਵੀ ਦਿਵਾਇਆ।
ਪਿਓ-ਪੁੱਤ ਨੇ ਪੀਤਾ ਸ਼ਹਾਦਤ ਦਾ ਜਾਮ: ਦੱਸ ਦਈਏ ਪੁੰਛ ਹਮਲੇ ਦੌਰਾਨ ਸ਼ਹੀਦ ਹੋਣ ਵਾਲੇ ਕੁਲਵੰਤ ਸਿੰਘ ਦੇ ਪਿਤਾ ਵੀ ਕਾਰਗਿੱਲ ਦੀ ਜੰਗ ਦੌਰਾਨ ਦੇਸ਼ ਲਈ ਸ਼ਹਾਦਤ ਦਾ ਜਾਮ ਪੀ ਚੁੱਕੇ ਨੇ। ਹੁਣ ਮੁੱਖ ਮੰਤਰੀ ਤੋਂ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਸ਼ਹੀਦ ਪਿਓ-ਪੁੱਤ ਦਾ ਬੁੱਤ ਪਿੰਡ ਦੀ ਐਂਟਰੀ ਉੱਤੇ ਸਥਾਪਿਤ ਕੀਤਾ ਜਾਵੇ। ਸੀਐੱਮ ਮਾਨ ਨੇ ਉਨ੍ਹਾਂ ਦੀ ਇਸ ਮੰਗ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ ਸੀਐੱਮ ਮਾਨ ਨੇ ਕਿਹਾ ਕਿ ਪਿੰਡ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਸਕੂਲ ਦਾ ਨਾਂਅ ਸ਼ਹੀਦ ਦੇ ਨਾਂਅ ਉੱਤੇ ਰੱਖਿਆ ਜਾਵੇਗਾ।
ਸ਼ਹਾਦਤ ਉੱਤੇ ਮਾਣ: ਦੱਸ ਦਈਏ ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਨਾਲ ਅਫਸੋਸ ਵੀ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਲਾਂਸ ਨਾਇਕ ਕੁਲਵੰਤ ਸਿੰਘ ਇਸ ਪਰਿਵਾਰ ਤੋਂ ਦੂਜੀ ਪੀੜੀ ਦਾ ਸ਼ਹੀਦ ਹੈ ਜਦ ਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਹਵਲਦਾਰ ਬਲਦੇਵ ਸਿੰਘ ਨੇ ਵੀ ਦੇਸ਼ ਦੀ ਰਾਖੀ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਸ਼ਹੀਦਾਂ ਦੇ ਬੁੱਤ ਅਪਗ੍ਰੇਡ ਕੀਤੇ ਸਕੂਲ ਦੇ ਕੈਂਪਸ ਵਿੱਚ ਸਥਾਪਤ ਕੀਤੇ ਜਾਣਗੇ ਜਿਸ ਸਕੂਲ ਦਾ ਨਾਮ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ। ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦ ਕੁਲਵੰਤ ਸਿੰਘ ਦਾ ਰਿਣੀ ਹੈ ਜਿਨ੍ਹਾਂ ਨੇ ਦੇਸ਼ ਅਤੇ ਇੱਥੋਂ ਦੇ ਲੋਕਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ।
ਸ਼ਹੀਦਾਂ ਦੇ ਪਰਿਵਾਰ ਦੀ ਹਰ ਮਦਦ ਲਈ ਸਰਕਾਰ ਤਿਆਰ: ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਇਸੇ ਵਚਨਬੱਧਤਾ ਤਹਿਤ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਸ਼ਰਿਤ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ ਉਤੇ ਫੌਜ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਲਈ ਮਦਦਗਾਰ ਹੋਵੇਗਾ, ਉਥੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਹੋਵੇਗਾ।
ਇਹ ਵੀ ਪੜ੍ਹੋ: ਡੇਰਾਬੱਸੀ 'ਚ ਤਿਆਰ ਹੋਈ ਖੰਘ ਦੀ ਸਿਰਪ ਨੂੰ ਡਬਲਯੂਐਚਓ ਨੇ ਦੱਸਿਆ ਨਕਲੀ, ਖੰਘ ਦੀ ਸਿਰਪ ਬਣਾਉਣ ਵਾਲੀ ਕੰਪਨੀ ਨੇ ਦਿੱਤੀ ਸਫ਼ਾਈ