ਮੋਗਾ: ਪਿੰਡ ਮੀਨੀਆਂ ਵਿੱਚ ਔਰਤਾਂ ਤੇ ਮਰਦਾਂ ਨੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕਰਜ਼ਾ ਮੁਕਤੀ ਅੰਦੋਲਨ ਦੇ ਤਹਿਤ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਔਰਤਾਂ-ਮਰਦਾਂ ਦੇ ਇਕੱਠ ਨੇ ਹੋਰ ਪਾਰਟੀਆਂ ਦਾ ਖਹਿੜਾ ਛੜ ਕੇ ਅਕਾਲੀ ਦਲ ਬਾਦਲ ਵਿੱਚ ਸ਼ਮੂਲੀਅਤ ਕੀਤੀ। ਇਸ ਕਰਜ਼ਾ ਮੁਕਤੀ ਅੰਦੋਲਨ ਦੇ ਤਹਿਤ ਕੀਤੇ ਗਏ ਰੋਸ ਪ੍ਰਦਰਸ਼ਨ ਵਿੱਚ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਤੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਕੁੱਸਾ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ।
ਦੱਸ ਦੇਈਏ ਕਿ ਜਿਹੜੇ ਔਰਤਾਂ ਤੇ ਮਰਦਾਂ ਦੇ ਇਕੱਠ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ, ਉਹ ਯੂਥ ਆਗੂ ਸਤਵੰਤ ਸਿੰਘ ਸੱਤਾ ਦੀ ਅਗਵਾਈ ਹੇਠ ਕੀਤੀ ਗਈ ਹੈ। ਔਰਤਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਹਰ ਤਰ੍ਹਾਂ ਦੇ ਕਰਜ਼ੇ ਨੂੰ ਮਾਫ਼ ਕਰਨਗੇ ਪਰ ਅਜੇ ਤੱਕ ਕੈਪਟਨ ਸਰਕਾਰ ਨੇ ਉਨ੍ਹਾਂ ਦੇ ਕਰਜ਼ੇ ਨੂੰ ਮਾਫ ਨਹੀਂ ਕੀਤਾ ਸਗੋਂ ਕੈਪਟਨ ਆਪਣੇ ਵਾਅਦਿਆਂ ਤੋਂ ਮੁਕਰ ਚੁੱਕੀ ਹੈ।
ਉਨ੍ਹਾਂ ਨੇ ਕਿਹਾ ਕਿ ਕਰਜ਼ਾ ਮਾਫ ਨਾ ਹੋਣ ਕਾਰਨ ਉਨ੍ਹਾਂ ਨੂੰ ਔਖੇ-ਸੋਖੇ ਕਰਜ਼ੇ ਦਾ ਭੁਗਤਾਨ ਕਰਨਾ ਪੈਂਦਾ ਸੀ ਜਿਸ ਕਾਰਨ ਉਨ੍ਹਾਂ ਨੂੰ ਬੜੀ ਔਖ ਹੁੰਦੀ ਸੀ। ਇਸ ਕਰਕੇ ਉਨ੍ਹਾਂ ਨੇ ਅੱਜ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਅਕਾਲੀ ਦਲ ਨਾਲ ਜੁੜਣ ਨਾਲ ਹੁਣ ਉਨ੍ਹਾਂ ਕਿਸੇ ਵੀ ਹਾਲਾਤ ਵਿੱਚ ਕੋਈ ਵੀ ਕਿਸ਼ਤ ਨਹੀਂ ਭਰਨਗੀਆਂ।
ਸਾਬਕਾ ਚੇਅਰਮੈਨ ਜਗਰੂਪ ਸਿੰਘ ਕੁੱਸਾ ਨੇ ਕਿਹਾ ਕਿ ਲੋਕ ਕਾਂਗਰਸ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਵੀ ਪਰਿਵਾਰ ਅਕਾਲੀ ਦਲ ਬਾਦਲ ਵਿੱਚ ਸ਼ਾਮਲ ਹੋਏ ਹਨ ਉਨ੍ਹਾਂ ਨੂੰ ਬਣਦਾ ਪੂਰਾ ਮਾਣ ਸਨਮਾਨ ਮਿਲੇਗਾ ਅਤੇ ਉਨ੍ਹਾਂ ਦੇ ਕਰਜ਼ੇ ਮਾਫ਼ ਕੀਤੇ ਜਾਣਗੇ ਜਿਸ ਸਬੰਧੀ ਉਹ ਸੁਖਬੀਰ ਸਿੰਘ ਬਾਦਲ ਦੇ ਨਾਲ ਗੱਲਬਾਤ ਕਰਨਗੇ।
ਇਹ ਵੀ ਪੜ੍ਹੋ:ਜਲ ਸਪਲਾਈ ਵਿਭਾਗ ਦੇ ਕੱਚੇ ਮੁਲਾਜ਼ਮਾਂ ਨੇ 15 ਅਗਸਤ ਨੂੰ ਕਾਲੇ ਦਿਨ ਵਜੋਂ ਮਨਾਇਆ