ਮੋਗਾ: ਸ਼ੁੱਕਰਵਾਰ ਨੂੰ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਅਗਵਾਈ ’ਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਜਲਦ ਤੋਂ ਜਲਦ ਨਿਵਾਰਣ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਸਰਕਾਰੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਕਾਸ ਕਾਰਜਾਂ ’ਚ ਗੁਣਵੱਤਾ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇ। ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਵਰਤਣ ਵਾਲੇ ਅਧਿਕਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਮੀਟਿੰਗ ਵਿੱਚ ਉੱਠੇ ਮਾਮਲੇ ਉੱਤੇ ਹਦਾਇਤ ਕੀਤੀ ਕਿ ਜਿਹੜੀਆਂ ਡਰੇਨਾਂ ਦੀ ਸਫਾਈ ਰਹਿੰਦੀ ਹੈ ਉਹ ਤੁਰੰਤ ਕਰਵਾਈ ਜਾਵੇ। ਉਹਨਾਂ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਬ ਡਵੀਜ਼ਨ ਪੱਧਰ ਉੱਤੇ ਹਸਪਤਾਲ ਬਣਾਏ ਜਾ ਰਹੇ ਹਨ।
ਉਹਨਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਤਹਿਤ ਹਰੇਕ ਲੋੜਵੰਦ ਲੋਕਾਂ ਨੂੰ ਰਾਸ਼ਨ ਦੀ ਵੰਡ ਯਕੀਨੀ ਬਣਾਈ ਜਾਵੇ ਤੇ ਹਦਾਇਕ ਕੀਤੀ ਕਿ ਖਰਾਬ ਕਣਕ ਨਾ ਵੰਡੀ ਜਾਵੇ।
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਿਰੁੱਧ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਕਿਸਾਨਾਂ ਦਾ ਰੋਹ ਜਾਰੀ ਹੈ ਤੇ ਪੰਜਾਬ ਸਰਕਾਰ ਕਿਸਾਨਾਂਂ ਦੇ ਹੱਕ ਵਿੱਚ ਹੈ। ਮੀਟਿੰਗ ਸ਼ੁਰੂ ਹੋਣ ਪਹਿਲਾਂ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜ਼ਲੀ ਭੇਂਟ ਕੀਤੀ ਗਈ।