ਮੋਗਾ: ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡ ਰੇੜਵਾਂ 'ਤੇ ਬਣੇ ਬੰਨ੍ਹ ਵਿੱਚ ਪਾਣੀ ਦਾ ਪੱਧਰ ਬੰਨ੍ਹ ਦੇ ਬਿਲਕੁਲ ਬਰਾਬਰ ਪਹੁੰਚ ਚੁੱਕਾ ਹੈ। ਜੇਕਰ ਪਾਣੀ ਦਾ ਪੱਧਰ ਇੱਕ ਫੁੱਟ ਹੋਰ ਵਧਦਾ ਹੈ ਤਾਂ ਪਾਣੀ ਪਿੰਡ ਵਿੱਚ ਆਉਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਵੱਲੋਂ ਮੌਕੇ 'ਤੇ ਟਰੈਕਟਰ ਟਰਾਲੀਆਂ ਨਾਲ ਮਿੱਟੀ ਪਾ ਕੇ ਬੰਨ੍ਹ ਨੂੰ ਉੱਚਾ ਕਰਨ ਦਾ ਕੰਮ ਚੱਲ ਰਿਹਾ ਹੈ।
ਪ੍ਰਸ਼ਾਸਨ ਵੱਲੋਂ ਅਲਰਟ ਨੂੰ ਦੇਖਦੇ ਹੋਏ ਨਾਲ ਸਤਲੁਜ ਨਾਲ ਲੱਗਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ 1988 ਤੋਂ ਬਾਅਦ ਪਹਿਲੀ ਵਾਰ ਸਤਲੁਜ ਦੇ ਵਿੱਚ ਪਾਣੀ ਦਾ ਪੱਧਰ ਵਧਿਆ ਹੈl ਜੇਕਰ ਸਤਲੁਜ ਦੇ ਪਾਣੀ ਦਾ ਪੱਧਰ ਬੰਨ੍ਹ ਤੋਂ ਇੱਕ ਫੁੱਟ ਹੋਰ ਉੱਚਾ ਉੱਠਦਾ ਹੈ ਤਾਂ ਪਾਣੀ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਦਾ ਖਤਰਾ ਵੱਧ ਸਕਦਾ ਹੈ ਅਤੇ ਸਥਿਤੀ ਹੋਰ ਵੀ ਚਿੰਤਾਜਨਕ ਹੋ ਜਾਵੇਗੀ।
ਇਸ ਮੌਕੇ ਸਥਿਤੀ ਦਾ ਜਾਇਜ਼ਾ ਲੈਣ ਪਹੁੰਚੇ ਡੀ.ਸੀ. ਸੰਦੀਪ ਹਾਂਸ ਅਤੇ ਐਮ.ਐਲ.ਏ. ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਦੱਸਿਆ ਕਿ ਇਹ ਕੁਦਰਤੀ ਆਫ਼ਤ ਹੈ ਜਿਸ ਨਾਲ ਨਜਿੱਠਣ ਲਈ ਪੂਰਾ ਪ੍ਰਸ਼ਾਸਨ ਅਤੇ ਸਰਕਾਰ ਜੰਗੀ ਪੱਧਰ 'ਤੇ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇੱਕ ਦੋ ਪਿੰਡਾਂ ਨੂੰ ਛੱਡ ਕੇ ਬਾਕੀ ਜਗ੍ਹਾ 'ਤੇ ਸਥਿਤੀ ਕਾਬੂ ਵਿੱਚ ਹੈ ਪਰ ਜੇਕਰ ਪਾਣੀ ਦਾ ਪੱਧਰ ਹੋਰ ਵਧਦਾ ਹੈ ਤਾਂ ਇਹ ਚਿੰਤਾਜਨਕ ਹੋਵੇਗਾ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਜ਼ਾਰਾਂ ਏਕੜ ਫ਼ਸਲ ਹੜ੍ਹ ਕਾਰਨ ਤਬਾਹ ਹੋ ਚੁੱਕੀ ਹੈ ਅਤੇ ਪਾਣੀ ਘਰਾਂ ਵਿੱਚ ਵੜਦਾ ਜਾ ਰਿਹਾ ਹੈ।
ਇਸ ਗੱਲ ਤੋਂ ਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸਰਕਾਰ ਹਰ ਸਾਲ ਹੜ੍ਹਾਂ ਨਾਲ ਨਜਿੱਠਣ ਲਈ ਪੂਰੇ ਪ੍ਰਬੰਧਾਂ ਦੇ ਦਾਅਵੇ ਤਾਂ ਬਹੁਤ ਕਰਦੀ ਹੈ ਪਰ ਹਰ ਵਾਰ ਸਥਿਤੀ ਕਾਬੂ ਤੋਂ ਬਾਹਰ ਹੀ ਨਜ਼ਰ ਆਉਂਦੀ ਹੈ। ਜੇਕਰ ਹਿਮਾਚਲ ਵਿੱਚ ਹੋਰ ਬਾਰਿਸ਼ ਹੁੰਦੀ ਹੈ ਜਾਂ ਭਾਖੜਾ ਬੰਨ੍ਹ ਤੋਂ ਛੱਡਿਆ ਗਿਆ ਪਾਣੀ ਹੋਰ ਆਉਂਦਾ ਹੈ ਤਾਂ ਸਤਲੁਜ ਦੇ ਨਾਲ ਲੱਗਦੇ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਜਾਣਗੇ।