ਮੋਗਾ: ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਕ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਕਰ ਕੇ ਮਠਿਆਈ ਦੇ ਸੈਂਪਲ ਭਰੇ ਗਏ ਜਾ ਰਹੇ ਹਨ। ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਵੱਖ-ਵੱਖ ਸ਼ਹਿਰਾਂ ਵਿੱਚ ਖਾਣ ਪੀਣ ਦੀਆਂ ਵਸਤਾਂ ਤਿਆਰ ਕਰਨ ਵਾਲੀਆਂ ਦੁਕਾਨਾਂ ਉਪਰ ਚੈਕਿੰਗ ਕੀਤੀ ਜਾਂਦੀ ਹੈ। ਜਿਸ ਦੇ ਤਹਿਤ ਸਿਹਤ ਵਿਭਾਗ ਵੱਲੋਂ ਬਾਘਾ ਪੁਰਾਣਾ ਦੀਆਂ ਦੁਕਾਨਾਂ 'ਤੇ ਚੈਕਿੰਗ ਕਰਕੇ ਮਠਿਆਈ ਦੇ ਸੈਂਪਲ ਭਰੇ ਗਏ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਿਹਤ ਵਿਭਾਗ ਦੇ ਅਧਿਕਾਰੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਕੁਆਲਿਟੀ ਸਵੀਟ ਸ਼ਾਪ ਦੇ ਖਿਲਾਫ਼ ਕਿਸੇ ਨੇ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੀ ਮਠਿਆਈ ਵਿਚ ਮਿਲਾਵਟ ਕੀਤੀ ਜਾਂਦੀ ਹੈ ਜਿਸ ਦੇ ਤਹਿਤ ਕੁਆਲਿਟੀ ਸਵੀਟ ਸ਼ਾਪ 'ਤੇ ਚੈਕਿੰਗ ਕੀਤੀ ਗਈ ਅਤੇ ਸੈਂਪਲ ਭਰੇ ਗਏ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੀਆਂ ਹੋਰ ਵੀ ਨਾਮਵਰ ਮਠਿਆਈ ਦੀਆਂ ਦੁਕਾਨਾਂ 'ਤੇ ਚੈਕਿੰਗ ਕੀਤੀ ਜਾਵੇਗੀ ਅਤੇ ਮਠਿਆਈ ਦੇ ਸੈਂਪਲ ਭਰੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਜੇ ਇਨ੍ਹਾਂ ਦੀ ਦੁਕਾਨਾਂ ਦੀ ਮਠਿਆਈ ਦੇ ਸੈਂਪਲ ਫ਼ੇਲ੍ਹ ਪਾਏ ਜਾਂਦੇ ਹਨ ਤਾਂ ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਫ਼ ਸੁਥਰੀਆਂ ਬਣੀਆਂ ਹੋਈਆਂ ਖਾਣ ਵਾਲੀਆਂ ਚੀਜ਼ਾਂ ਹੀ ਤਿਉਹਾਰਾਂ ਦੇ ਦਿਨਾਂ ਵਿੱਚ ਵਰਤਣ ਅਤੇ ਸਿਹਤ ਦਾ ਖਿਆਲ ਰੱਖਣ।
ਉਨ੍ਹਾਂ ਨੇ ਕਿਹਾ ਕਿ ਜੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਖਾਣ ਪੀਣ ਵਾਲੀ ਵਸਤੂ 'ਤੇ ਕੋਈ ਇਤਰਾਜ਼ ਹੈ ਤਾਂ ਉਹ ਸਿਹਤ ਵਿਭਾਗ ਨਾਲ ਸੰਪਰਕ ਕਰਕੇ ਸ਼ਿਕਾਇਤ ਕਰ ਸਕਦੇ ਹਨ ਸਿਹਤ ਵਿਭਾਗ ਉਨ੍ਹਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰੇਗਾ।
ਇਹ ਵੀ ਪੜੋ: ਮਾਨਸਾ: ਕਸ਼ਮੀਰ ਤੋਂ ਆਏ ਸੇਬਾਂ ਉੱਤੇ ਲਿਖੇ ਮਿਲੇ ਪਾਕਿਸਤਾਨ ਦੇ ਸਲੋਗਨ
ਉੱਥੇ ਹੀ ਦੁਕਾਨਦਾਰ ਨੇ ਕਿਹਾ ਕਿ ਪਰਮਿੰਦਰਾ ਸਵੀਟ ਸ਼ਾਪ 'ਤੇ ਚੈਕਿੰਗ ਕੀਤੀ ਗਈ ਤਾਂ ਦੁਕਾਨ ਦੀ ਵਰਕਸ਼ਾਪ ਵਿੱਚ ਵਧੀਆ ਸਫ਼ਾਈ ਦਾ ਪ੍ਰਬੰਧ ਦੇਖ ਕੇ ਸਿਹਤ ਵਿਭਾਗ ਨੇ ਉਨ੍ਹਾਂ ਦੀ ਤਾਰੀਫ ਕੀਤੀ। ਉਨ੍ਹਾਂ ਨੇ ਕਿਹਾ ਉਹ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੁਤਾਬਿਕ ਹੀ ਮਠਿਆਈ ਤਿਆਰ ਕਰਦੇ ਹਨ ਆਮ ਲੋਕਾਂ ਦੀ ਸਿਹਤ ਦਾ ਪੂਰਾ ਖਿਆਲ ਰੱਖਦੇ ਹੋਏ ਉਨ੍ਹਾਂ ਵੱਲੋਂ ਕੋਈ ਵੀ ਅਜਿਹੀ ਵਸਤੂ ਤਿਆਰ ਨਹੀਂ ਕੀਤੀ ਜਾਂਦੀ ਜਿਸ ਨਾਲ ਕਿਸੇ ਦੀ ਸਿਹਤ ਨਾਲ ਖਿਲਵਾੜ ਹੋਵੇ।