ਮੋਗਾ: ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਕੁਲਵੰਤ ਸਿੰਘ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ ਜਿਸਦੇ ਚੱਲਦੇ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਕੁਲਵੰਤ ਸਿੰਘ 2012 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਤਰਨਤਾਰਨ ਲੱਗੇ ਹੋਏ ਸਨ। ਇਸ ਤੋਂ ਇਲਾਵਾ ਉਨ੍ਹਾਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਐੱਸ ਡੀ ਐੱਮ ਤਲਵੰਡੀ ਸਾਬੋ ਅਤੇ ਨਕੋਦਰ ਸਮੇਤ ਪੰਜਾਬ ਸਰਕਾਰ ਦੇ ਵੱਖ ਵੱਖ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ।
ਉਨ੍ਹਾਂ ਅਹੁਦਾ ਸੰਭਾਲਣ ਮੌਕੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਣਕ ਦੀ ਖਰੀਦ ਦੇ ਚੱਲਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਡੀਸੀ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ ਪਰ ਆਮਦ ਹਲੇ ਨਾਮਾਤਰ ਹੈ। ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਿਸਾਨ ਅਤੇ ਹੋਰ ਧਿਰਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਵਿੱਚ ਕਣਕ ਦੇ ਨਾੜ ਨੂੰ ਨਾ ਸਾੜਨ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿੱਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਕੀ ਸੇਵਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਇਹ ਵੀ ਪੜ੍ਹੋ: ਸਕੂਲਾਂ ਦੀ ਦਾਦਾਗਿਰੀ ਰੋਕਣ ’ਚ ਮਾਨ ਸਰਕਾਰ ਨਾਕਾਮ ! ਮਾਪਿਆਂ ਨੇ ਲਿਆ ਇਹ ਐਕਸ਼ਨ...