ਮੋਗਾ : ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਮੋਹਾਲੀ, ਪਟਿਆਲਾ, ਸੰਗਰੂਰ ਅਤੇ ਤਲਵਾੜਾ ਵਿਖੇ ਚੱਲ ਰਹੇ ਸੀਨੀਅਰ ਸੈਕੰਡਰੀ ਰੈਜੀਡੈਂਸ਼ਲ ਸਕੂਲ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ (ਮੈਰੀਟੋਰੀਅਸ ਸਕੂਲ) ਵਿੱਚ 11ਵੀਂ ਜਮਾਤ ਵਿੱਚ ਦਾਖਲੇ ਲਈ ਸੰਯੁਕਤ ਪ੍ਰਵੇਸ਼ ਪ੍ਰੀਖਿਆ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਚੱਲ ਰਹੀ ਹੈ। ਇਸ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 20 ਅਪ੍ਰੈਲ, 2023 ਹੈ। ਇਸ ਵਾਰ ਇਨ੍ਹਾਂ ਮੈਰੀਟੋਰਸੀਅਸ ਸਕੂਲਾਂ ਵਿੱਚ 4600 ਵਿਦਿਆਰਥੀਆਂ ਦੀਆਂ ਸੀਟਾਂ ਭਰੀਆਂ ਜਾਣਗੀਆਂ। ਉੱਤਮ ਅਤੇ ਮੁਫ਼ਤ ਸਿੱਖਿਆ ਮੁਹੱਈਆ ਕਰਵਾਉਣ ਕਰਕੇ ਇਹ ਸਾਰੇ ਸਕੂਲ ਗਰੀਬ ਅਤੇ ਹੁਸਿ਼ਆਰ ਵਿਦਿਆਰਥੀਆਂ ਲਈ ਲਾਹੇਵੰਦ ਸਿੱਧ ਹੋ ਰਹੇ ਹਨ।
ਇਹ ਵਿਦਿਆਰਥੀ ਹੋਣਗੇ ਯੋਗ : ਮੋਗਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀ, ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਲਈ ਜਾਂਦੀ ਮੈਟ੍ਰਿਕ ਪ੍ਰੀਖਿਆ ਦੇ ਰਹੇ ਵਿਦਿਆਰਥੀ, ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਇਸ ਰਜਿਸਟ੍ਰੇਸ਼ਨ ਲਈ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਗਿਆਰਵ੍ਹੀਂ ਜਮਾਤ ਵਿੱਚ ਦਾਖਲਾ ਲੈਣ ਦੇ ਚਾਹਵਾਨ ਜਨਰਲ ਕੈਟਾਗਰੀ ਦੇ ਪਿਛਲੇ ਅਕਾਦਮਿਕ ਸੈਸ਼ਨ ਦੀ ਦਸਵੀਂ ਜਮਾਤ ਵਿੱਚੋਂ 70 ਫੀਸਦੀ ਅੰਕ ਅਤੇ ਐਸ.ਸੀ./ਐਸ.ਟੀ. ਕੈਟਾਗਿਰੀ ਦੇ 65 ਫੀਸਦੀ ਅੰਕਾਂ ਵਾਲੇ ਵਿਦਿਆਰਥੀ ਦਾਖਲਾ ਲੈਣ ਲਈ ਅਪਲਾਈ ਕਰਨ ਦੇ ਯੋਗ ਹੋਣਗੇ। ਇਨ੍ਹਾਂ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲਾ ਪ੍ਰਵੇਸ਼ ਪ੍ਰੀਖਿਆ ਵਿੱਚੋਂ ਪ੍ਰਾਪਤ ਕੀਤੇ ਅੰਕਾਂ ਦੀ ਮੈਰਿਟ ਦੇ ਆਧਾਰ ਉੱਪਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: 'ਬਾਬਾ ਸਾਹਿਬ ਜੀ ਨੇ ਸਾਨੂੰ ਸਾਡੇ ਹੱਕ ਦਵਾਏ', ਜੋ ਅਸੀਂ ਜ਼ਿੰਦਗੀ 'ਚ ਕਦੇ ਨਹੀਂ ਭਲਾ ਸਕਦੇ, ਨੀਟੂ ਸ਼ਟਰਾਂ ਵਾਲਾ
ਇਹ ਵੀ ਪੜ੍ਹੋ : ਆਪ ਦੇ ਭ੍ਰਿਸ਼ਟਾਚਾਰ ਵਿਰੋਧੀ ਮਾਡਲ ਉਤੇ ਵਿਰੋਧੀਆਂ ਦੇ ਸਵਾਲ; "ਕਈ ਸਾਬਕਾ ਮੰਤਰੀਆਂ ਵਿਰੁੱਧ ਦਰਜ ਮਾਮਲੇ, ਪਰ ਸਬੂਤ ਜੁਟਾਉਣ 'ਚ ਨਕਾਮ ਪੰਜਾਬ ਵਿਜੀਲੈਂਸ"
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗਿਆਰਵ੍ਹੀਂ ਅਤੇ ਬਾਰਵ੍ਹੀਂ ਦੀ ਮੁਫ਼ਤ ਪੜ੍ਹਾਈ ਦੇ ਨਾਲ ਨਾਲ ਜੇ.ਈ.ਈ., ਨੀਟ, ਐਨ.ਡੀ.ਏ., ਸੀ.ਪੀ.ਟੀ., ਇੰਗਲਿਸ਼ ਸਪੀਕਿੰਗ, ਆਰਮਡ ਫੋਰਸਜ਼ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਮੁਫ਼ਤ ਕੋਚਿੰਗ ਵੀ ਦਿੱਤੀ ਜਾਂਦੀ ਹੈ। ਇਸ ਸਬੰਧੀ ਵਿਸਤ੍ਰਿਤ ਹਦਾਇਤਾਂ www.meri toriousschools.com,ਉੱਪਰੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਯੋਗ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪ੍ਰਵੇਸ਼ ਪ੍ਰੀਖਿਆ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਕਿਉਂਕਿ ਇਨ੍ਹਾਂ ਮੈਰੀਟੋਰੀਅਸ ਸਕੂਲਾਂ ਵਿੱਚ ਮੁਫ਼ਤ ਅਤੇ ਉੱਤਮ ਸਿੱਖਿਆ ਮੁਹੱਈਆ ਕਰਵਾਈ ਜਾਂਦੀ ਹੈ।