ਮੋਗਾ/ਤਰਨ ਤਾਰਨ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਬਹਿਸ ਕਰਨ ਦਾ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ। ਬਟਾਲਾ ਪੁਲਿਸ ਵੱਲੋਂ ਵਿਧਾਇਕ ਸਿਮਰਜੀਤ ਬੈਂਸ ਦੇ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਦੁਜੇ ਪਾਸੇ ਕਲਮ ਛੋੜ ਹੜਤਾਲ 'ਤੇ ਬੈਠੇ ਸਰਕਾਰੀ ਮੁਲਾਜ਼ਮਾਂ ਵੱਲੋਂ ਲਗਾਤਾਰ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਮਾਮਲੇ ਦੇ ਵਿਰੋਧ ਵਿੱਚ ਲੋਕ ਇਨਸਾਫ਼ ਪਾਰਟੀ ਦੇ ਵਰਕਰ ਵੀ ਵਿਰੋਧ ਵਿੱਚ ਸੜਕਾਂ 'ਤੇ ਉਤਰ ਆਏ ਹਨ।
ਵਰਕਰਾਂ ਵੱਲੋਂ ਕੈਪਟਨ ਸਰਕਾਰ ਦੇ ਵਿਰੋਧ ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਿਆ ਗਿਆ। ਇਸ ਮਾਮਲੇ ਵਿੱਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਕੈਪਟਨ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ।
ਮੋਗਾ ਦੇ ਲੋਕ ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਸਿੰਘ ਨੇ ਮੋਗਾ ਦੇ ਮੁੱਖ ਚੌਕ ਵਿੱਚ ਮੁੱਖ ਮੰਤਰੀ ਦਾ ਪੁਤਲਾ ਸਾੜਿਆ ਤੇ ਕਿਹਾ ਕਿ ਕੈਪਟਨ ਸਰਕਾਰ ਨੇ ਬਲਦਾਖ਼ੋਰੀ ਦੀ ਨਿਅਤ ਨਾਲ ਸਿਮਰਜੀਤ ਬੈਂਸ 'ਤੇ ਪਰਚਾ ਦਰਜ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਿਮਰਤਜੀਤ ਬੈਂਸ ਤਾਂ ਇੱਕ ਗਰਿਬ ਨੂੰ ਇਨਸਾਫ਼ ਦਿਵਾਉਣ ਲਈ ਡੀਸੀ ਦਫ਼ਤਰ ਪਹੁੰਚੇ ਸਨ ਪਰ ਕੈਪਟਨ ਨੇ ਪਰਚਾ ਦਰਜ ਕਰਵਾ ਕੇ ਸ਼ਰਮਨਾਕ ਗੱਲ ਕੀਤੀ ਹੈ। ਉਨ੍ਹਾਂ ਕਿਹਾ, "ਸਾਡੀ ਪ੍ਰਸ਼ਾਸਨ ਤੋਂ ਮੰਗ ਹੈ ਕਿ ਪਰਚਾ ਜਲਦ ਤੋਂ ਜਲਦ ਰੱਦ ਕੀਤਾ ਜਾਵੇ।"
ਉੱਥੇ ਹੀ ਤਰਨ ਤਾਰਨ ਦੇ ਲੋਕ ਇਨਸਾਫ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਸਰਕਾਰ ਸਿਰਫ ਉਨ੍ਹਾਂ ਲੋਕਾਂ ਦਾ ਵਿਰੋਧ ਕਰਦੀ ਹੈ ਜੋ ਸੱਚ ਦੀ ਆਵਾਜ਼ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਆਏ ਦਿਨ ਸਰਕਾਰੀ ਅਫ਼ਸਰਾਂ ਨਾਲ ਬਦਸਲੂਕੀ ਕਰਦੇ ਹਨ ਪਰ ਕਾਂਗਰਸ ਸਰਕਾਰ ਉਨ੍ਹਾਂ ਵਿਰੁੱਧ ਕੋਈ ਕਾਰਵਾਈ ਨਹੀਂ ਕਰਦੀ ਹੈ। ਉਨ੍ਹਾਂ ਕਿਹਾ ਜੇ ਇਹ ਪਰਚਾ ਵਾਪਸ ਨਾ ਲਿਆ ਗਿਆ ਤਾਂ ਲੋਕ ਇਨਸਾਫ਼ ਪਾਰਟੀ ਵਿਧਾਨ ਸਭਾ ਦਾ ਘਿਰਾਓ ਕਰੇਗੀ ਤੇ ਸੰਘਰਸ਼ ਹੋਰ ਤੇਜ਼ ਕਰੇਗੀ।