ਮੋਗਾ: ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰਾਂ ਵੱਲੋਂ ਮਿੱਡ-ਡੇ-ਮੀਲ, ਆਂਗਣਵਾੜੀ ਅਤੇ ਰਾਸ਼ਨ ਡਿਪੂਆਂ ਤੇ ਸਕੂਲਾਂ ਆਦਿ ਦੀ ਚੈਕਿੰਗ ਕੀਤੀ ਗਈ। ਇਸ ਤੋਂ ਪਹਿਲਾਂ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਨੇ ਪਹਿਲਾਂ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਸੀ। ਇਸ ਦੌਰਾਨ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਨੇ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਰ ਇੱਕ ਯੋਗ ਲਾਭਪਾਤਰੀ ਤੱਕ ਮੁਫਤ ਅਤੇ ਰਿਆਯਤੀ ਦਰਾਂ ’ਤੇ ਰਾਸ਼ਨ ਪਹੁੰਚੇ। ਜਿਸ ਲਈ ਨੈਸ਼ਨਲ ਫੂਡ ਸਕਿਊਰਟੀ ਐਕਟ 2013 ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਭਵਿੱਖ ਵਿੱਚ ਵੀ ਅਜਿਹੇ ਦੌਰੇ ਅਤੇ ਚੈਕਿੰਗ ਜਾਰੀ ਰਹੇਗੀ। ਇਸ ਤੋਂ ਪਹਿਲਾਂ ਮੀਟਿੰਗ ਵਿੱਚ ਜ਼ਿਲ੍ਹਾ ਮੋਗਾ ਵਿੱਚ ਅਨਾਜ ਦੀ ਵੰਡ ਦੇ ਕੰਮਕਾਜ, ਮਿੱਡ ਡੇ ਮੀਲ, ਆਂਗਣਵਾੜੀ ਸਕੀਮਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਕੀਤਾ ਗਿਆ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਡਿਪੂਆਂ ਵਿੱਚ ਮਿਲ ਰਹੇ ਰਾਸ਼ਨ, ਸਕੂਲਾਂ ਵਿੱਚ ਲਾਭਪਾਤਰੀਆਂ ਨੂੰ ਮਿਡ-ਡੇ-ਮੀਲ ਅਤੇ ਆਂਗਣਵਾੜੀ ਕੇਂਦਰ ਵਿੱਚ ਦਿੱਤੇ ਜਾ ਰਹੇ ਲਾਭਾਂ ਸਬੰਧੀ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵੰਡ ਕੀਤੀ ਜਾਵੇ।
ਦੱਸ ਦਈਏ ਕਿ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਜਾ ਕੇ ਸਰਕਾਰੀ ਸਕੂਲ ਦਸ਼ਮੇਸ਼ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਸਿੰਘਾਂਵਾਲਾ, ਸਰਕਾਰੀ ਰਾਸ਼ਨ ਡਿਪੂ ਬਾਘਾਪੁਰਾਣਾ, ਅਜੀਤਵਾਲ ਅਤੇ ਝੰਡੇਆਣਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਦਿੱਤੇ ਜਾਂਦੇ ਮਿਡ-ਡੇ-ਮੀਲ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਫਾਈ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।