ਚੰਡੀਗੜ੍ਹ : ਜੇਲ੍ਹ ਵਿੱਚ ਧਮਕੀ ਦੇਣ ਦੇ ਮਾਮਲੇ ਹੇਠ ਪੁਲਿਸ ਰਿਮਾਂਡ ਤੋਂ ਬਾਅਦ ਮੋਗਾ ਪੁਲਿਸ ਨੇ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਮੋਗਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਇਸ ਮੌਕੇ ਕੋਰਟ ਵਿੱਚ ਭਾਰੀ ਸੁਰੱਖਿਆ ਬਲ ਤੈਨਾਤ ਕੀਤਾ ਗਿਆ ਸੀ। ਗੈਂਗਸਟਰ ਦਾ 10 ਦਿਨ ਦਾ ਪੁਲਿਸ ਰਿਮਾਂਡ ਸੀ, ਜਿਸ ਤੋਂ ਬਾਅਦ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ।
14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ: ਇਸ ਮੌਕੇ ਜਾਣਕਾਰੀ ਦਿੰਦਿਆਂ ਡੀਐੱਸਪੀ ਜੋਰਾ ਸਿੰਘ ਨੇ ਕਿਹਾ ਕਿ ਅਦਾਲਤ ਨੇ ਸੁਖਪ੍ਰੀਤ ਬੁੱਢਾ ਨੂੰ ਬਠਿੰਡਾ ਜੇਲ੍ਹ ਭੇਜ ਦਿੱਤਾ ਹੈ। ਲੰਘੀ 10 ਫਰਵਰੀ ਨੂੰ ਮੋਗਾ ਪੁਲਿਸ ਨੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਦਿੱਲੀ ਤੋਂ ਲਿਆ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਧਮਕੀ ਦੇਣ ਦੇ ਮਾਮਲੇ ਵਿੱਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਮੋਗਾ ਪੁਲਿਸ ਨੂੰ 10 ਦਿਨ ਦਾ ਰਿਮਾਂਡ ਮਿਲਿਆ ਸੀ ਅਤੇ ਹੁਣ ਰਿਮਾਂਡ ਖਤਮ ਹੋਣ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜਿਆ ਗਿਆ ਹੈ।
ਦਿੱਲੀ ਤੋਂ ਲਿਆਂਦਾ ਸੀ ਪ੍ਰੋਡਕਸ਼ਨ ਵਾਰੰਟ 'ਤੇ : ਜ਼ਿਕਰਯੋਗ ਹੈ ਕਿ ਲੰਘੀ 10 ਫਰਵਰੀ ਨੂੰ ਮੋਗਾ ਪੁਲਿਸ ਨੇ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਪ੍ਰੋਟੈਕਸ਼ਨ ਵਾਰੰਟ 'ਤੇ ਦਿੱਲੀ ਤੋਂ ਲਿਆ ਕੇ ਮੋਗਾ ਦੀ ਅਦਾਲਤ 'ਚ ਪੇਸ਼ ਕੀਤਾ ਸੀ। ਸੁਖਪ੍ਰੀਤ ਸਿੰਘ ਬੁੱਢਾ 'ਤੇ ਥਾਣਾ ਸਿਟੀ ਸਾਊਥ ਦੇ ਇਕ ਮਾਮਲੇ 'ਚ ਪੁੱਛਗਿੱਛ ਲਈ ਮਾਮਲਾ ਦਰਜ ਕੀਤਾ ਗਿਆ ਹੈ, ਜਦਕਿ ਗੈਂਗਸਟਰ ਸੁਖਪ੍ਰੀਤ ਬੁੱਢਾ 'ਤੇ ਕਰੀਬ 26 ਮਾਮਲੇ ਦਰਜ ਹਨ।
ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਾਲ 2021 ਨੂੰ 20 ਨਵੰਬਰ ਨੂੰ ਮੋਗਾ ਦੇ ਅੰਗਦਪੁਰਾ ਮੁਹੱਲਾ ਨਿਵਾਸੀ ਸਾਹਿਲ ਕੁਮਾਰ ਜਿੰਦਲ ਦੀ ਸ਼ਿਕਾਇਤ ਉੱਤੇ ਗੈਂਗਸਟਰ ਸੁਖਪ੍ਰੀਤ ਬੁੱਢਾ ਅਤੇ ਉਸਦੇ ਦੋ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਇਹ ਵੀ ਜ਼ਿਕਰਯੋਗ ਹੈ ਕਿ ਸ਼ਿਕਾਇਤ ਕਰਨ ਵਾਲੇ ਸਾਹਿਲ ਕੁਮਾਰ ਨੂੰ ਵਟਸਐਪ ਫੋਨ ਆਇਆ ਸੀ ਤੇ ਦੂਜੇ ਪਾਸੇ ਫੋਨ ਕਰਨ ਵਾਲਾ ਆਪਣੇ ਆਪ ਨੂੰ ਗੈਂਗਸਟਰ ਸੁਖਪ੍ਰੀਤ ਬੁੱਢਾ ਕਹਿ ਰਿਹਾ ਸੀ। ਫੋਨ ਕਰਨ ਵਾਲੇ ਨੇ ਧਮਕੀਆਂ ਦਿੱਤੀਆਂ ਅਤੇ ਪੈਸੇ ਵੀ ਮੰਗੇ। ਇਸਦੇ ਨਾਲ ਹੀ ਗੰਭੀਰ ਨਤੀਜੇ ਭੁਗਤਣ ਦੀ ਗੱਲ ਕਹੀ ਸੀ।