ਮੋਗਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਮੋਗਾ ਡੀਸੀ ਦਫ਼ਤਰ ਬਾਹਰ ਧਰਨਾ ਲਗਾ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਧਰਨੇ ਦੌਰਾਨ ਪੁਲਿਸ ਵੱਲੋਂ ਖ਼ਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਦੇ ਪਰਿਵਾਰ ਅਤੇ ਔਰਤਾਂ ਨੂੰ ਗ੍ਰਿਫ਼ਤਾਰ ਕਰਨ ਦੀ ਨਿਖੇਧੀ ਕੀਤੀ ਗਈ।
ਧਰਨਾਕਾਰੀਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਦਬਾਅ ਤੋਂ ਬਾਅਦ ਜ਼ਿਲ੍ਹਾ ਲੁਧਿਆਣਾ ਦੀ ਗ੍ਰਿਫਤਾਰ ਕੀਤੀ ਔਰਤ ਨੂੰ ਰਿਹਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੋ ਪੁਲਿਸ ਨੇ ਪੀੜਤ ਨੌਜਵਾਨਾਂ ਦੀਆਂ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਤਸ਼ੱਦਦ ਕੀਤੀ ਹੈ ਉਨ੍ਹਾਂ ਦੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਖਤ ਸ਼ਬਦਾਂ 'ਚ ਨਿਖੇਧੀ ਕਰਦਾ ਹੈ।
ਇਸ ਮੌਕੇ 'ਤੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਕੀਤੀ ਜਾਵੇ ਅਤੇ ਪਾਏ ਪਰਚੇ ਰੱਦ ਕੀਤੇ ਜਾਣ। ਇਸ ਮੌਕੇ ਪ੍ਰੋ. ਮਹਿੰਦਰਪਾਲ ਸਿੰਘ ਨੇ ਕਿਹਾ ਕੇ ਜੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਨਾ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਉਣ ਵਾਲੇ ਦਿਨਾਂ ਵਿੱਚ ਇਸ ਸੰਘਰਸ਼ ਨੂੰ ਤਿੱਖਾ ਕਰੇਗਾ ਜਿਸ ਦਾ ਜ਼ਿੰਮੇਵਾਰ ਪ੍ਰਸ਼ਾਸਨ ਹੋਵੇਗਾ।