ਮੋਗਾ: ਕਸਬਾ ਨਿਹਾਲ ਸਿੰਘ ਵਾਲਾ ਵਿੱਚ ਇੱਕ ਨਾਬਾਲਗ ਕੁੜੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ 'ਚ ਪਰਿਵਾਰ ਤੇ ਸਥਾਨਕ ਲੋਕਾਂ ਨੇ ਥਾਣੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਧਰਨਾਕਾਰੀਆਂ ਨੇ ਪੁਲਿਸ ਤੋਂ ਇਨਸਾਫ਼ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਪਰਿਵਾਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਧਰਨਾ ਦੇਣਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਪੁਲਿਸ ਨੇ ਉਨ੍ਹਾਂ 'ਤੇ ਹੀ ਪਰਚਾ ਦਰਜ ਕਰ ਦਿੱਤਾ।
ਜ਼ਿਕਰਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇੱਕਠ ਕਰਨ ਤੋਂ ਮਨ੍ਹਾ ਕੀਤਾ ਗਿਆ ਹੈ। ਇਸ ਦੇ ਬਾਵਜੂਦ ਮੋਗਾ 'ਚ ਧਰਨਾ ਪ੍ਰਦਰਸ਼ਨ ਕਰਨ ਲਈ ਲੋਕ ਇੱਕਠੇ ਹੋਏ। ਨਿਯਮਾਂ ਦੀ ਉਲੰਘਣਾ ਕਰਨ ਲਈ ਪੁਲਿਸ ਨੇ 30 ਤੋਂ 35 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਥਾਣਾ ਨਿਹਾਲ ਸਿੰਘ ਵਾਲਾ ਦੇ ਜਾਂਚ ਅਧਿਕਾਰੀ ਬਲਬੀਰ ਸਿੰਘ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਜਬਰ ਜਨਾਹ ਦੇ ਮਾਮਲੇ ਵਿੱਚ ਇਨਸਾਫ਼ ਮੰਗਣ ਲਈ ਪ੍ਰਦਰਸ਼ਨ ਕਰਨ ਆਏ ਸਨ। ਬਲਬੀਰ ਸਿੰਘ ਨੇ ਕਿਹਾ ਕਿ ਧਰਨਾਕਾਰੀਆਂ ਨੂੰ ਕਈ ਵਾਰ ਚਿਤਾਵਨੀ ਦਿੱਤੇ ਜਾਣ ਦੇ ਬਾਵਜੂਦ ਉਨ੍ਹਾਂ ਆਪਣਾ ਧਰਨਾ ਨਹੀਂ ਚੁੱਕਿਆ। ਇਸ ਕਾਰਨ ਉਨ੍ਹਾਂ 30 ਤੋਂ 35 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਕੀ ਹੈ ਮਾਮਲਾ...
ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਜ਼ਿਲ੍ਹੇ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ 14 ਸਾਲਾ ਕੁੜੀ ਨਾਲ ਇੱਕ ਨੌਜਵਾਨ ਨੇ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਇਸ ਸ਼ਰਮਨਾਕ ਹਰਕਤ 'ਚ ਉਸ ਦੇ 2 ਸਾਥੀ ਵੀ ਨਾਲ ਸ਼ਾਮਲ ਸਨ। ਇਸ ਮਾਮਲੇ 'ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ਜਦੋਂ ਕਿ 2 ਮੁਲਜ਼ਮ ਅਜੇ ਵੀ ਫ਼ਰਾਰ ਹਨ। ਇੱਕ ਹਫਤਾ ਬੀਤ ਜਾਣ ਮਗਰੋਂ ਵੀ ਬਾਕੀ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਇਸ ਲਈ ਪੀੜਤ ਪਰਿਵਾਰ ਇਨਸਾਫ਼ ਦੀ ਗੁਹਾਰ ਲਾਉਣ ਲਈ ਥਾਣੇ ਬਾਹਰ ਪ੍ਰਦਰਸ਼ਨ ਕਰਨ ਲਈ ਆਇਆ ਸੀ।