ਮੋਗਾ: ਪਿੰਡ ਸੈਦੋਕੇ 'ਚ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ 'ਪੰਜਾਬ ਬੋਲਦਾ ਹੈ' ਮਿਸ਼ਨ ਦੇ ਤਹਿਤ ਇੱਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਭਗਵੰਤ ਮਾਨ ਨੇ ਕਾਂਗਰਸ ਨੂੰ ਕਰੜੇ ਹੱਥੀਂ ਲੈਂਦੇ ਹੋਏ, ਕਈ ਤਿੱਖੇ ਵਾਰ ਕੀਤੇ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਅਤੇ ਵਾਅਦਾ ਖ਼ਿਲਾਫ਼ੀਆਂ ਲੋਕਾਂ ਸਾਹਮਣੇ ਆ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਿਸਾਨ ਕਰਜ਼ੇ ਹੇਠ, ਨੌਜਵਾਨ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਦਲਦਲ ਵਿੱਚ ਡੁੱਬਦੇ ਜਾ ਰਹੇ ਹਨ ਜਦਕਿ ਕੈਪਟਨ ਅਤੇ ਬਾਦਲ ਆਪਣੀਆਂ ਤੀਸਰੀਆਂ ਪੀੜ੍ਹੀਆਂ ਨੂੰ ਰਾਜਨੀਤੀ ਵਿੱਚ ਉਤਾਰਨ ਦੀਆਂ ਤਿਆਰੀਆਂ ਕਰ ਰਹੇ ਹਨ।
ਮਾਨ ਨੇ ਕਿਹਾ ਕਿ ਸਰਕਾਰ ਦੇ ਢਾਈ ਸਾਲ ਬੀਤਣ ਦੇ ਬਾਵਜੂਦ ਵੀ ਸਰਕਾਰ ਨੇ ਕੋਈ ਵੀ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪੰਜਾਬੀ ਬੋਲੀ ਨਾਲ ਜੇ ਧੱਕਾ ਕੀਤਾ ਗਿਆ ਤਾਂ ਉਹ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਮਾਨ ਨੇ ਆਪਣੇ ਭਾਸ਼ਣ ਦੌਰਾਨ ਪੰਜਾਬ ਦੇ ਮੌਜੂਦਾ ਭਖਦੇ ਮਸਲਿਆਂ ਉੱਪਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਖ਼ੂਬ ਲਾਹਨਤਾਂ ਪਾਈਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਇਕੱਲਿਆਂ ਹੀ ਚੋਣਾਂ ਲੜੇਗੀ।
ਦੱਸਣਯੋਗ ਹੈ ਕਿ ਨਿਹਾਲ ਸਿੰਘ ਵਾਲਾ ਤੋਂ ਪਿੰਡ ਸੈਦੋਕੇ ਤੱਕ ਭਗਵੰਤ ਮਾਨ ਨੇ ਪਿੰਡ ਦੇ ਨੌਜਵਾਨਾਂ ਨਾਲ ਰੋਡ ਸ਼ੋਅ ਕੱਢਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਐਮਐਲਏ ਮਨਜੀਤ ਸਿੰਘ ਅਤੇ ਫ਼ਰੀਦਕੋਟ ਤੋਂ ਸਾਬਕਾ ਐੱਮਪੀ ਪ੍ਰੋਫੈਸਰ ਸਾਧੂ ਸਿੰਘ ਵੀ ਮੌਜੂਦ ਸਨ ।